ਅੰਮ੍ਰਿਤਸਰ, 6 ਮਾਰਚ 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰੋਜ਼ਾਨਾ ਅਜੀਤ ਅਖ਼ਬਾਰ ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ. ਮੇਜਰ ਸਿੰਘ ਉਨ੍ਹਾਂ ਸੂਝਵਾਨ ਪੱਤਰਕਾਰਾਂ ਵਿੱਚੋਂ ਸਨ, ਜਿਨ੍ਹਾਂ ਨੇ ਪੰਜਾਬ ਦੇ ਸਰੋਕਾਰਾਂ ਨੂੰ ਨੇੜਿਓਂ ਜਾਣ ਕੇ ਖ਼ਬਰ ਨਵੀਸੀ ਕੀਤੀ।
ਉਨ੍ਹਾਂ ਕਿਹਾ ਕਿ ਅਜਿਹੇ ਖੋਜੀ ਪੱਤਰਕਾਰ ਦਾ ਚਲਾਣਾ ਮੀਡੀਆ ਜਗਤ ਦੇ ਨਾਲ-ਨਾਲ ਪੰਜਾਬ ਲਈ ਵੀ ਨਾ ਪੂਰਾ ਹੋਣ ਵਾਲਾ ਘਾਟਾ ਹੈ। ਬੀਬੀ ਜਗੀਰ ਕੌਰ ਨੇ ਸ. ਮੇਜਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲੀਸਿਟੀ ਵਿਭਾਗ ਵੱਲੋਂ ਵੀ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ।