ਅਸ਼ੋਕ ਵਰਮਾ
ਮਾਨਸਾ,6ਮਾਰਚ2021: ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਨੇ 8 ਮਾਰਚ ਨੂੰ ਪਟਿਆਲਾ ’ਚ ਮੋਤੀ ਮਹਿਲ ਦੇ ਘਿਰਾਓ ਦਾ ਐਲਾਨ ਕੀਤਾ ਹੈ। ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਗਰੂਰ ਦੇ ਡੀ.ਸੀ. ਦਫ਼ਤਰ ਅੱਗੇ ਸੰਘਰਸ਼ ਕਰ ਰਹੇ ਬੇਰੁਜਗਾਰਾਂ ਦੀ 2 ਮਹੀਨਿਆਂ ਤੋਂ ਵੱਧ ਹੋਣ ਦੇ ਬਾਵਜੂਦ ਵੀ ਜਦੋਂ ਕੋਈ ਸੁਣਵਾਈ ਨਹੀਂ ਹੋਈ ਤਾਂ ਉਨ੍ਹਾਂ ਨੇ ਇਹ ਰਾਹ ਫੜਿਆ ਹੈ।
ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਯੂਨੀਅਨ ਦੇ ਜਿਲ੍ਹਾ ਜਨਰਲ ਸਕੱਤਰ ਕੁਲਦੀਪ ਖੋਖਰ, ਜਿਲ੍ਹਾ ਮੀਤ ਪ੍ਰਧਾਨ ਗੁਰਸੰਗਤ ਸਿੰਘ ਬੁਢਲਾਡਾ, ਜਿਲ੍ਹਾ ਮੀਤ ਪ੍ਰਧਾਨ ਗਗਨਦੀਪ ਕੌਰ ਖਿਆਲਾ ਤੇ ਬਲਾਕ ਪ੍ਰਧਾਨ ਝੁਨੀਰ ਹਰਪ੍ਰੀਤ ਕੌਰ, ਸ਼ਹਿਰੀ ਪ੍ਰਧਾਨ ਦਾਨਿਸ਼ ਭੱਟੀ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੱਢਿਆ ਗਿਆ ਤਾਂ ਅਧਿਆਪਕਾਂ ਨੇ ਆਪਣੇ ਸੰਘਰਸ਼ ਨੂੰ ਤਿੱਖਾ ਕਰਦਿਆਂ ਸੂਬਾ ਕਮੇਟੀ ਵੱਲੋਂ ਕੀਤੇ ਫੈਸਲੇ ਤਹਿਤ ਕਿ 8 ਮਾਰਚ ਨੂੰ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬੇਰੁਜ਼ਗਾਰਾਂ ਨਾਲ ਵੱਡਾ ਧੋਖਾ ਕੀਤਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਨੇ ਵੋਟਾਂ ਲੈਣ ਲਈ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਉਸ ਨੂੰ ਅੱਜ ਤੱਕ ਬੂਰ ਨਹੀਂ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਲਈ ਅੱਜ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਆਪਣੇ ਹੱਕਾਂ ਲਈ ਅਵਾਜ਼ ਬੁਲੰਦ ਕਰਨ ਵਾਸਤੇ ਧਰਨੇ ਮੁਜਾਹਰੇ ਕਰ ਰਹੇ ਸਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ 2022 ਦੀਆਂ ਚੋਣਾਂ ਵਿੱਚ ਇਸ ਦੇ ਨਤੀਜੇ ਭੁਗਤਣੇ ਪੈ ਸਕਦੇ ਹਨ।
ਇਸ ਮੌਕੇ ਆਗੂਆਂ ਨੇ ਕਿਹਾ ਕਿ 8 ਮਾਰਚ ਨੂੰ ਮੋਤੀ ਮਹਿਲ ਦਾ ਘਿਰਾਓ ਹਰ ਹਾਲਤ ਵਿੱਚ ਕੀਤਾ ਜਾਵੇਗਾ। ਇਸ ਦੌਰਾਨ ਵੀ ਜਾਨੀ ਮਾਲੀ ਨੁਕਸਾਨ ਹੋਵੇਗਾ ਉਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੇ 10000 ਈ.ਟੀ.ਟੀ. ਪੋਸਟਾਂ ਦਾ ਇਸਤਿਹਾਰ ਤੁਰੰਤ ਜਾਰੀ ਕਰਨ,2364 ਈ.ਟੀ.ਟੀ. ਪੋਸਟਾਂ ਵਿੱਚ ਈ.ਟੀ.ਟੀ. ਅਧਿਆਪਕਾਂ ਨੂੰ ਪਹਿਲ ਦੇ ਆਧਾਰ ਤੇ ਵਿਚਾਰਨ, ਸਿੱਖਿਆ ਪ੍ਰੋਵਾਈਡਰਾਂ ਅਤੇ ਵਲੰਟੀਅਰਾਂ ਨੂੰ ਦਿੱਤੇ ਗਏ ਵਾਧੂ ਅੰਕਾਂ ਤੇਉਚੇਰੀ ਯੋਗਤਾ ਦੀ ਸ਼ਰਤ ਦੀ ਸ਼ਰਤ ਹਟਾਉਣ ਅਤੇ ਉਮਰ ਹੱਦ ਵਿੱਚ ਛੋਟ ਦੇਣ ਦੀ ਮੰਗ ਕੀਤੀ।