- ਡੀ.ਸੀ. ਵੱਲੋਂ ਅਧਿਕਾਰੀਆਂ ਨੂੰ ਕੋਵਿਡ ਪ੍ਰੋਟੋਕੋਲਜ਼ ਸਖ਼ਤੀ ਨਾਲ ਲਾਗੂ ਕਰਵਾਉਣ ਦੇ ਹੁਕਮ, ਟੈਸਟਿੰਗ ਅਤੇ ਟਰੇਸਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
- ਕਿਹਾ-ਸਮੂਹ ਸਰਕਾਰੀ ਅਧਿਆਪਕ ਕੋਵਿਡ ਟੀਕਾ ਲਗਵਾਉਣ ਲਈ ਅੱਗੇ ਆਉਣ
- ਅਧਿਕਾਰੀਆਂ ਨੂੰ ਮੈਰਿਜ ਪੈਲੇਸਾਂ ਵਿੱਚ ਹੋਣ ਵਾਲੇ ਇਕੱਠਾਂ 'ਤੇ ਨਜ਼ਰ ਰੱਖਣ ਲਈ ਵੀ ਕਿਹਾ
- ਕੁਝ ਸ਼੍ਰੇਣੀਆਂ ਲਈ ਛੋਟਾਂ ਦੇ ਨਾਲ ਜ਼ਿਲ੍ਹੇ ਵਿੱਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਾਗੂ
ਜਲੰਧਰ, 6 ਮਾਰਚ 2021 - ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਅਧਿਕਾਰੀਆਂ ਨੂੰ ਕੋਵਿਡ -19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਮੁੱਚੇ ਮਾਈਕਰੋ-ਕੰਟੇਨਮੈਂਟ ਜ਼ੋਨਾਂ ਵਿਚ ਕਰਫਿਊ ਵਰਗੀ ਸਖ਼ਤੀ ਵਰਤਣ ਦੇ ਨਿਰਦੇਸ਼ ਦਿੱਤੇ ।
ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਵਿਚ ਹੋਈ ਵੀਡੀਓ-ਕਾਨਫਰੰਸ ਵਿਚ ਹਿੱਸਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸਿਵਲ ਅਤੇ ਸਿਹਤ ਅਧਿਕਾਰੀਆਂ ਨੂੰ ਮਾਈਕਰੋ-ਕੰਟੇਨਮੈਂਟ ਜ਼ੋਨਾਂ 'ਤੇ ਬਾਜ਼ ਨਜ਼ਰ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕੋਵਿਡ -19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਇਨ੍ਹਾਂ ਜ਼ੋਨਾਂ ਵਿਚ ਪੂਰੀ ਸਖ਼ਤੀ ਹੋਣੀ ਚਾਹੀਦੀ ਹੈ।
ਥੋਰੀ ਨੇ ਕਿਹਾ ਕਿ ਜਲੰਧਰ ਵਿੱਚ ਸਿਰਫ਼ ਇੱਕ ਮਾਈਕਰੋ ਕੰਟੇਨਮੈਂਟ ਜ਼ੋਨ ਕਾਰਜਸ਼ੀਲ ਹੈ ਅਤੇ ਕੋਵਿਡ ਲਈ ਖੇਤਰ ਵਿੱਚ ਸਮੂਹ ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਨ੍ਹਾਂ ਜ਼ੋਨਾਂ ਵਿਚ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ, ਖ਼ਾਸਕਰ ਕੋਵਿਡ ਢੁੱਕਵੇਂ ਵਿਵਹਾਰ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਜ਼ੋਨਾਂ ਵਿੱਚ ਵਾਹਨ ਅਤੇ ਵਿਅਕਤੀਆਂ ਦੀ ਕੋਈ ਆਵਾਜਾਈ ਨਾ ਹੋਵੇ।
ਉਨ੍ਹਾਂ ਕਿਹਾ ਕਿ ਕੰਟੇਨਮੈਂਟ ਜ਼ੋਨਾਂ ਵਿੱਚ ਕਿਸੇ ਵੀ ਨਿਯਮਾਂ ਦੀ ਉਲੰਘਣਾ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਲਈ ਸਬੰਧਤ ਖੇਤਰ ਦਾ ਅਧਿਕਾਰੀ ਜਵਾਬਦੇਹ ਹੋਵੇਗਾ।
ਉਨ੍ਹਾਂ ਅਧਿਕਾਰੀਆਂ ਨੂੰ ਮੈਰਿਜ ਪੈਲੇਸਾਂ ਵਿਖੇ ਇਕੱਠ 'ਤੇ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਅਤੇ ਉਨ੍ਹਾਂ ਨੂੰ ਸੁਪਰਵਾਈਜ਼ਰ ਤਾਇਨਾਤ ਕਰਨ ਲਈ ਕਿਹਾ ਤਾਂ ਜੋ ਇਕੱਠ ਕਰਨ ਸੰਬੰਧੀ ਰਾਜ ਸਰਕਾਰ ਦੇ ਆਦੇਸ਼ਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਕੋਵਿਡ ਢੁੱਕਵੇਂ ਵਿਵਹਾਰ ਪ੍ਰਤੀ ਜਾਗਰੂਕ ਕਰਨ ਲਈ ਬਾਜ਼ਾਰਾਂ ਵਿੱਚ ਪਬਲਿਕ ਐਡਰੈਸ ਸਿਸਟਮ ਲਗਾਉਣ ਦੀ ਤਜਵੀਜ਼ ਵੀ ਰੱਖੀ।
ਇਸ ਤੋਂ ਇਲਾਵਾ ਉਨ੍ਹਾਂ ਸਿਹਤ ਟੀਮਾਂ ਨੂੰ ਕਿਹਾ ਕਿ ਉਹ ਰੋਜ਼ਾਨਾ 6000 ਸੈਂਪਲਿੰਗ ਕਰਨ ਅਤੇ ਸਕਾਰਾਤਮਕ ਮਾਮਲਿਆਂ ਨੂੰ ਇਕਾਂਤਵਾਸ ਕਰਨ ਤੋਂ ਇਲਾਵਾ ਸਕਾਰਾਤਮਕ ਵਿਅਕਤੀਆਂ ਦੇ ਹਰ ਸੰਪਰਕ ਦੀ ਸੈਂਪਲਿੰਗ ਨੂੰ ਜਿੰਨੀ ਜਲਦੀ ਸੰਭਵ ਹੋ ਸਕੇ, ਯਕੀਨੀ ਬਣਾਉਣ।
ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਉਨ੍ਹਾਂ ਲੋਕਾਂ ਵਿਰੁੱਧ ਚਲਾਨ ਮੁਹਿੰਮ ਸ਼ੁਰੂ ਕਰਨ ਲਈ ਕਿਹਾ, ਜਿਹੜੇ ਮਾਸਕ, ਸਮਾਜਿਕ ਦੂਰੀ ਸਮੇਤ ਹੋਰ ਕੋਵਿਡ ਪ੍ਰੋਟੋਕੋਲਜ਼ ਦੀ ਉਲੰਘਣਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮਾਸਕ ਨਾ ਪਹਿਨਣ 'ਤੇ 66,601 ਚਲਾਨ ਕੀਤੇ ਗਏ ਅਤੇ ਉਲੰਘਣਾ ਕਰਨ ਵਾਲਿਆਂ ਕੋਲੋਂ 3,17,49,600 ਰੁਪਏ ਜੁਰਮਾਨੇ ਵਜੋਂ ਵਸੂਲੇ ਗਏ । ਇਸੇ ਤਰ੍ਹਾਂ ਥੁੱਕਣ, ਘਰੇਲੂ ਇਕਾਂਤਵਾਸ ਦੀ ਉਲੰਘਣਾ ਕਰਨ, ਸਮਾਜਕ ਦੂਰੀ ਕਾਇਮ ਨਾ ਰੱਖਣ 'ਤੇ ਚਲਾਨ ਵੀ ਜਾਰੀ ਕੀਤੇ ਗਏ।
ਡਿਪਟੀ ਕਮਿਸ਼ਨਰ ਨੇ ਬਜ਼ੁਰਗਾਂ ਅਤੇ ਸਹਿ-ਰੋਗ ਵਾਲੇ 45 ਤੋਂ 59 ਸਾਲ ਉਮਰ ਦੇ ਲੋਕਾਂ ਸਮੇਤ ਸਾਰੇ ਲਾਭਪਾਤਰੀਆਂ ਨੂੰ ਅੱਗੇ ਆ ਕੇ ਟੀਕਾ ਲਗਵਾਉਣ ਦੀ ਅਪੀਲ ਕੀਤੀ। ਉਨ੍ਹਾਂ ਸਾਰੇ ਸਰਕਾਰੀ ਅਧਿਆਪਕਾਂ ਨੂੰ ਕਿਹਾ ਕਿ ਉਹ ਸਕੂਲਾਂ ਵਿਚ ਫੈਲ ਰਹੇ ਵਾਇਰਸ ਦੀ ਰੋਕਥਾਮ ਲਈ ਕੋਵਿਡ -19 ਦਾ ਟੀਕਾ ਲਾਜ਼ਮੀ ਲਗਵਾਉਣ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 8374 ਹੈਲਥ ਕੇਅਰ, 9830 ਫਰੰਟਲਾਈਨ, 60 ਤੋਂ ਉਪਰ 1254 ਅਤੇ ਸਹਿ-ਰੋਗ ਵਾਲੇ 45 ਸਾਲ ਤੋਂ ਵੱਧ ਉਮਰ ਦੇ 148 ਵਿਅਕਤੀਆਂ ਟੀਕਾ ਲਗਵਾ ਚੁੱਕੇ ਹਨ।
ਉਨ੍ਹਾਂ ਮੁੱਖ ਸਕੱਤਰ ਨੂੰ ਇਹ ਵੀ ਦੱਸਿਆ ਕਿ ਔਸਤਨ 4000 ਸੈਂਪਲ ਪ੍ਰਤੀ ਦਿਨ ਦੇ ਹਿਸਾਬ ਜਲੰਧਰ ਵੱਲੋਂ ਪਿਛਲੇ ਦਿਨਾਂ ਦੌਰਾਨ 22427 ਸਮੇਤ ਹੁਣ ਤੱਕ 6.44 ਲੱਖ ਨਮੂਨੇ ਇਕੱਤਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਹਫਤੇ ਵਿੱਚ ਸਕੂਲਾਂ ਵਿੱਚੋਂ 4401 ਸੈਂਪਲ ਲਏ ਗਏ ਹਨ।
ਉਨ੍ਹਾਂ ਦੱਸਿਆ ਕਿ ਜਲੰਧਰ ਨੇ 15.3 ਪ੍ਰਤੀਸ਼ਤ ਕਾਨਟ੍ਰੈਕਟ ਟਰੇਸਿੰਗ ਦਰਜ ਕੀਤੀ ਹੈ ਅਤੇ ਕੁਲ ਸੰਪਰਕਾਂ ਵਿਚੋਂ ਲਗਭਗ 84.90 ਫੀ ਸਦੀ ਦੇ ਟੈਸਟ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕੁੱਲ 481 ਲੈਵਲ -2 ਬੈੱਡ, 132 ਲੈਵਲ-3 ਬੈੱਡ ਅਤੇ 72 ਵੈਂਟੀਲੇਟਰ ਜਲੰਧਰ ਵਿਚ ਹਨ ਅਤੇ ਅਧਿਕਾਰੀਆਂ ਨੂੰ ਬੁਨਿਆਦੀ ਢਾਂਚੇ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਸੂਬੇ ਅਤੇ ਜ਼ਿਲ੍ਹੇ ਵੱਲੋਂ ‘ਅਦਿੱਖ ਦੁਸ਼ਮਣ’ ਖ਼ਿਲਾਫ਼ ਜੰਗ ਲੜੀ ਰਹੀ ਹੈ ਅਤੇ ਅਧਿਕਾਰੀਆਂ ਵੱਲੋਂ ਪਹਿਲਾਂ ਹੀ ਸਖ਼ਤ ਡਿਊਟੀ ਨਿਭਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੇ ਜੋਸ਼ ਨਾਲ ਜਾਰੀ ਰੱਖਣ ਲਈ ਕਿਹਾ ।
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਅਗਲੇ ਹੁਕਮਾਂ ਤੱਕ ਜ਼ਿਲ੍ਹੇ ਵਿੱਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਾਗੂ ਕਰ ਦਿੱਤਾ ਗਿਆ । ਕੁਝ ਸ਼੍ਰੇਣੀਆਂ ਨੂੰ ਉਨ੍ਹਾਂ ਦੇ ਕੰਮਕਾਜ ਨੂੰ ਜਾਰੀ ਰੱਖਣ ਲਈ ਕਰਫਿਊ ਤੋਂ ਛੋਟ ਵੀ ਦਿੱਤੀ ਗਈ ਹੈ।
ਇਸ ਮੌਕੇ ਐਸਐਸਪੀ ਡਾ. ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐਸਡੀਐਮ ਗੌਰਵ ਜੈਨ, ਸਿਵਲ ਸਰਜਨ ਡਾ. ਬਲਵੰਤ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਰਾਕੇਸ਼ ਕੁਮਾਰ ਵੀ ਮੌਜੂਦ ਸਨ।