ਕਮਲਜੀਤ ਸਿੰਘ ਸੰਧੂ
ਬਰਨਾਲਾ, 6 ਮਾਰਚ 2021 - ਵੱਖ ਵੱਖ ਵਿਭਾਗਾਂ ਦੇ ਠੇਕਾ ਆਧਾਰਤ ਕਰਮਚਾਰੀਆਂ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀ ਅਗਵਾਈ ਵਿੱਚ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਬਰਨਾਲਾ ਸ਼ਹਿਰ ਵਿੱਚ ਢੋਲ ਮਾਰਚ ਕੱਢ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਹ ਮਾਰਚ ਬਰਨਾਲਾ ਦੇ ਬੱਸ ਸਟੈਂਡ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਬਾਜ਼ਾਰਾਂ ਵਿੱਚੋਂ ਦੀ ਹੁੰਦੇ ਹੋਏ ਕਚਹਿਰੀ ਚੌਂਕ ਵਿਖੇ ਆ ਕੇ ਸੰਪੰਨ ਹੋਇਆ।
ਇਸ ਦੌਰਾਨ ਪ੍ਰਦਰਸ਼ਨਕਾਰੀ ਠੇਕਾ ਆਧਾਰਤ ਕਾਮਿਆਂ ਨੇ ਪੰਜਾਬ ਸਰਕਾਰ ਉਪਰ ਵਾਅਦਾਖਿਲਾਫ਼ੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਹਨਾਂ ਵਿੱਚੋਂ ਇੱਕ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ। ਉਹ ਲੰਬੇ ਸਮੇਂ ਤੋਂ ਵਿਭਾਗਾਂ ਵਿੱਚ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ।
ਕਾਂਗਰਸ ਸਰਕਾਰ ਨੇ ਵੀ ਉਹਨਾਂ ਨੂੰ ਸੱਤਾ ਵਿੱਚ ਘਰ ਘਰ ਨੌਕਰੀ ਅਤੇ ਪੱਕੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਅਜੇ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਹੋ ਚੁੱਕੀ ਹੈ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ 12 ਮਾਰਚ ਨੂੰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਵੱਡੀ ਪੰਜਾਬ ਪੱਧਰੀ ਠੇਕਾ ਆਧਾਰਤ ਮੁਲਾਜ਼ਮਾਂ ਦੀ ਮਹਾਰੈਲੀ ਕਰਨ ਜਾ ਰਹੇ ਹਨ। ਇਸ ਰੈਲੀ ਨਾਲ ਸਰਕਾਰ ਨੂੰ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਲਈ ਮਜਬੂਰ ਹੋਣਾ ਪਵੇਗਾ।