ਅਸ਼ੋਕ ਵਰਮਾ
ਬਠਿੰਡਾ , 29 ਨਵੰਬਰ, 2021:ਮੁੱਖ ਖੇਤੀਬਾੜੀ ਅਫ਼ਸਰ ਡਾ. ਪਾਖਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਬਲਾਕ ਖੇਤੀਬਾੜੀ ਅਫ਼ਸਰ- ਕਮ-ਬੀਟੀਟੀ ਕਨਵੀਨਰ ਡਾ. ਡੂੰਗਰ ਸਿੰਘ ਬਰਾੜ ਦੀ ਅਗਵਾਈ ਹੇਠ ਪਿੰਡ ਮੌੜ ਕਲਾ ਵਿਖੇ ਆਤਮਾ ਸਕੀਮ ਅਧੀਨ ਸੀ.ਆਰ.ਐਮ. ਵਿਸ਼ੇ ਉਪਰ ਕਿਸਾਨ ਗੋਸ਼ਟੀ ਕਰਵਾਈ ਗਈ। ਇਸ ਮੌਕੇ ਡਾ. ਡੂੰਗਰ ਸਿੰਘ ਬਰਾੜ ਨੇ ਕਿਸਾਨਾਂ ਨੂੰ ਖੇਤੀ ਸਹਾਇਕ ਧੰਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਬਲਾਕ ਮੌੜ ਵਿੱਚ ਆਤਮਾ ਸਕੀਮ ਅਧੀਨ ਚੱਲ ਰਹੀਆਂ ਗਤੀਵਿਧੀਆਂ ਬਾਰੇ ਦੱਸਿਆ। ਇਸ ਮੌਕੇ ਡਾ. ਬਰਾੜ ਨੇ ਕਿਹਾ ਕਿ ਪਰਾਲੀ ਦੀ ਸਾਂਭ-ਸੰਭਾਲ ਖੇਤ ਵਿੱਚ ਹੀ ਕਰਨ ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ ਤੇ ਜ਼ਮੀਨ ਵਿਚਲੇ ਤੱਤਾਂ ਦੀ ਕਾਫੀ ਹੱਦ ਤੱਕ ਪੂਰਤੀ ਹੁੰਦੀ ਹੈ, ਇਸ ਤੋਂ ਇਲਾਵਾ ਵਾਤਾਵਰਨ ਵਿੱਚ ਵੀ ਸੁਧਾਰ ਹੁੰਦਾ ਹੈ।
ਇਸ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਡਾ. ਅਮਨਦੀਪ ਸਿੰਘ ਨੇ ਕਣਕ ਦੀ ਫ਼ਸਲ ਦੀ ਕਾਸ਼ਤ ਤੇ ਹਾੜੀ ਦੀਆਂ ਫਸਲਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਡਾ ਅਸਮਾਨਪ੍ਰੀਤ ਸਿੰਘ ਸਿੱਧੂ ਨੇ ਸਰਕਾਰ ਵਲੋਂ ਸਬਸਿਡੀ ਉਪਰ ਦਿੱਤੀਆਂ ਜਾ ਰਹੀਆਂ ਮਸ਼ੀਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਪਰਾਲੀ ਦੀ ਸਾਂਭ-ਸੰਭਾਲ ਅਤੇ ਕਣਕ ਝੋਨੇ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਖੇਤੀਬਾੜੀ ਉਪਨਿਰੀਖਕ ਜਗਸੀਰ ਸਿੰਘ, ਖੇਤੀਬਾੜੀ ਉਪਨਿਰੀਖਕ ਲਾਲ ਸਿੰਘ, ਗੁਰਵਿੰਦਰ ਸਿੰਘ, ਕਾਕਾ ਸਿੰਘ ਅਤੇ ਨੱਥਾ ਸਿੰਘ ਬੇਲਦਾਰ ਆਦਿ ਹਾਜ਼ਰ ਸਨ।