‘ਫਾਸ਼ੀ ਹਮਲਿਆਂ ਵਿਰੋਧੀ ਫਰੰਟ ਦੀ ਕਨਵੈਨਸ਼ਨ ਲਈ ਤਿਆਰੀਆਂ ਮੁਕੰਮਲ
ਅਸ਼ੋਕ ਵਰਮਾ
ਬਠਿੰਡਾ,19 ਮਈ 2022: ਰਾਸ਼ਟਰੀ ਸੋਇਮ ਸੇਵਕ ਸੰਘ (ਆਰ.ਐਸ.ਐਸ.) ਦੇ ਭਾਰਤ ਨੂੰ ਧਰਮ ਆਧਾਰਿਤ ਕੱਟੜ ਹਿੰਦੂ ਰਾਸ਼ਟਰ ‘ਚ ਤਬਦੀਲ ਕਰਨ ਦੇ ਵੱਖਵਾਦੀ ਏਜੰਡੇ ਤਹਿਤ ਦੇਸ਼ ਦੇ ਧਰਮ ਨਿਰਪੱਖ, ਜਮਹੂਰੀ ਅਤੇ ਫੈਡਰਲ ਸਰੂਪ ਨੂੰ ਤਬਾਹ ਕਰ ਰਹੀ ਮੋਦੀ ਸਰਕਾਰ ਦੇ ਫਿਰਕੂ ਫਾਸ਼ੀ ਹੱਲਿਆਂ ਖਿਲਾਫ 21 ਮਈ ਨੂੰ ਟੀਚਰਜ ਹੋਮ ਬਠਿੰਡਾ ਵਿਖੇ ‘ਫਾਸ਼ੀ ਹਮਲਿਆਂ ਵਿਰੋਧੀ ਫਰੰਟ‘ ਦੇ ਸੱਦੇ ‘ਤੇ ਕੀਤੀ ਜਾ ਰਹੀ ਜੋਨ ਪੱਧਰੀ ਸਾਂਝੀ ਕਨਵੈਨਸ਼ਨ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।
ਅੱਜ ਇੱਥੋਂ ਜਾਰੀ ਇੱਕ ਸਾਂਝੇ ਬਿਆਨ ਰਾਹੀਂ ਸੀ.ਪੀ.ਆਈ. ਬਠਿੰਡਾ ਦੇ ਸਕੱਤਰ ਬਲਕਰਨ ਸਿੰਘ ਬਰਾੜ, ਆਰ.ਐਮ.ਪੀ.ਆਈ. ਦੀ ਬਠਿੰਡਾ- ਮਾਨਸਾ ਜਿਲ੍ਹਾ ਕਮੇਟੀ ਦੇ ਸਕੱਤਰ ਲਾਲ ਚੰਦ ਸਰਦੂਲਗੜ੍ਹ, ਸੀ.ਪੀ.ਆਈ. (ਐਮ.ਐਲ).ਲਿਬਰੇਸ਼ਨ ਦੇ ਜਿਲ੍ਹਾ ਸਕੱਤਰ ਹਰਵਿੰਦਰ ਸਿੰਘ ਸੇਮਾ, ਇਨਕਲਾਬੀ ਕੇਂਦਰ ਬਠਿੰਡਾ ਦੇ ਜਿਲ੍ਹਾ ਪ੍ਰਧਾਨ ਜਗਜੀਤ ਸਿੰਘ ਲਹਿਰਾ ਮੁਹੱਬਤ ਅਤੇ ਕਿਰਤੀ ਕਿਸਾਨ ਯੂਨੀਅਨ ਬਠਿੰਡਾ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਹਨੀ ਨੇ ਜਾਣਕਾਰੀ ਦਿੱਤੀ।
ਆਗੂਆਂ ਨੇ ਦੱਸਿਆ ਕਿ ਉਕਤ ਕਨਵੈਨਸ਼ਨ ਨੂੰ ਸੰਬੋਧਨ ਕਰਨ ਲਈ ਆਰ.ਐਮ.ਪੀ.ਆਈ. ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ, ਸੀਪੀਆਈ ਦੀ ਕੌਮੀ ਕੌਂਸਲ ਦੇ ਮੈਂਬਰ ਸਾਥੀ ਹਰਦੇਵ ਸਿੰਘ ਅਰਸ਼ੀ, ਲਿਬਰੇਸ਼ਨ ਦੇ ਸੂਬਾ ਸਕੱਤਰ ਸਾਥੀ ਰਾਜਬਿੰਦਰ ਸਿੰਘ ਰਾਣਾ, ਇਨਕਲਾਬੀ ਕੇਂਦਰ ਪੰਜਾਬ ਦੇ ਸੀਨੀਅਰ ਆਗੂ ਸਾਥੀ ਮੁਖਤਿਆਰ ਸਿੰਘ ਪੂਹਲਾ ਅਤੇ ਕੇ.ਕੇ.ਯੂ. ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਉਚੇਚੇ ਪਹੁੰਚ ਰਹੇ ਹਨ।