ਜਲੰਧਰ: ਡਿਪਟੀ ਕਮਿਸ਼ਨਰ ਨੇ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਲੋਕਾਂ ਤੋਂ ਮੰਗਿਆ ਸਹਿਯੋਗ
- ਅਧਿਕਾਰੀਆਂ ਨੂੰ ਲੋੜੀਂਦਾ ਧਿਆਨ ਨਾ ਦੇਣ ਵਾਲਿਆਂ ਦੇ ਚਲਾਨ ਕਰਨ ਦੇ ਨਿਰਦੇਸ਼
- ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਤੇ ਲਾਰਵਾ ਚੈਕਿੰਗ ਮੁਹਿੰਮ ਵੀ ’ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ
ਜਲੰਧਰ, 23 ਜੂਨ 2022 - ਜ਼ਿਲ੍ਹੇ ਵਿੱਚ ਮੱਛਰਾਂ ਦੀ ਰੋਕਥਾਮ ਅਤੇ ਡੇਂਗੂ ਦੇ ਪਸਾਰ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਨਗਰ ਨਿਗਮ, ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਲਈ ਠੋਸ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਉਨ੍ਹਾਂ ਲੋਕਾਂ ਦੇ ਚਲਾਨ ਕਰਨ ਦੇ ਵੀ ਹੁਕਮ ਦਿੱਤੇ, ਜਿਨ੍ਹਾਂ ਦੇ ਘਰਾਂ ਵਿੱਚ ਡੇਂਗੂ ਦੇ ਮੱਛਰ ਦਾ ਲਾਰਵਾ ਪਾਇਆ ਜਾਂਦਾ ਹੈ।
ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਡੇਂਗੂ ਦੀ ਰੋਕਥਾਮ ਲਈ ਜੰਗੀ ਪੱਧਰ ’ਤੇ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਪਾਣੀ, ਗਮਲੇ, ਟੀਨ, ਬੋਤਲਾਂ, ਫਰਿੱਜ, ਕੂਲਰਾਂ, ਟਾਇਰਾਂ, ਪਾਣੀ ਦੇ ਕੰਟੇਨਰਾਂ ਅਤੇ ਬਰਡ ਫੀਡਰ ਸਮੇਤ ਮੱਛਰਾਂ ਦੇ ਸੰਭਾਵੀ ਪ੍ਰਜਨਨ ਸਥਾਨਾਂ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਬਾਅਦ ਵਿੱਚ ਜੇਕਰ ਉਨ੍ਹਾਂ ਵੱਲੋਂ ਧਿਆਨ ਨਹੀਂ ਦਿੱਤਾ ਜਾਂਦਾ ਤਾਂ ਉਨ੍ਹਾਂ ਦੇ ਚਲਾਨ ਕੀਤੇ ਜਾਣ ।
ਘਨਸ਼ਿਆਮ ਥੋਰੀ ਨੇ ਕਿਹਾ ਕਿ ਘਰ-ਘਰ ਜਾ ਕੇ ਸਰਵੇਖਣ ਕਰਨ ਅਤੇ ਲਾਰਵਾ ਪੈਦਾ ਹੋਣ ਵਾਲੀਆਂ ਥਾਵਾਂ ਦੀ ਜਾਂਚ ਲਈ ਨਗਰ ਨਿਗਮ, ਸਿਹਤ ਵਿਭਾਗ ਅਤੇ ਹੋਰ ਸਥਾਨਕ ਨਗਰ ਕੌਂਸਲਾਂ ਦੀਆਂ ਸਾਂਝੀਆਂ ਟੀਮਾਂ ਦਾ ਗਠਨ ਕੀਤਾ ਜਾਵੇ ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਰਕਾਰੀ ਦਫ਼ਤਰਾਂ ਦਾ ਨਿਰੀਖਣ ਕਰਨ ਦੀਆਂ ਵੀ ਹਦਾਇਤਾਂ ਦਿੱਤੀਆਂ ਤਾਂ ਜੋ ਇਨ੍ਹਾਂ ਥਾਵਾਂ ’ਤੇ ਮੱਛਰ ਦੀ ਪੈਦਾਵਾਰ ਨਾ ਹੋਣ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਆਪਣੇ ਘਰਾਂ ਵਿੱਚ ਮੱਛਰ ਪੈਦਾ ਹੋਣ ਤੋਂ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਲਈ ਪੂਰਨ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਤੇ ਮੇਜਰ ਅਮਿਤ ਸਰੀਨ, ਐਸ.ਡੀ.ਐਮ. ਬਲਬੀਰ ਰਾਜ ਸਿੰਘ, ਲਾਲ ਵਿਸ਼ਵਾਸ ਬੈਂਸ ਤੇ ਰਣਦੀਪ ਸਿੰਘ ਹੀਰ, ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ, ਪੰਕਜ ਬਾਂਸਲ, ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਥਿੰਦ ਆਦਿ ਮੌਜੂਦ ਸਨ।