ਜ਼ਿਲ੍ਹਾ ਕਾਂਗਰਸ ਨੇ ਅਗਨੀਪਥ ਯੋਜਨਾ ਦੇ ਖ਼ਿਲਾਫ਼ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
ਰੋਹਿਤ ਗੁਪਤਾ
ਗੁਰਦਾਸਪੁਰ 27 ਜੂਨ
ਅਗਨੀਪਥ ਯੋਜਨਾ ਦੇ ਵਿਰੋਧ ਵਿਚ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਨੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਮਹਾਜਨ ਦੀ ਸਾਂਝੀ ਪ੍ਰਧਾਨਗੀ ਹੇਠ ਤਿੱਬੜੀ ਚੌਕ ਵਿਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਇਸ ਤੋਂ ਇਲਾਵਾ ਇਸ ਰੋਸ ਪ੍ਰਦਰਸ਼ਨ ਵਿਚ ਸਰਪੰਚ ਅਤੇ ਕੌਂਸਲਰ ਹਾਜ਼ਰ ਸਨ।
ਇਸ ਮੌਕੇ ਦਰਸ਼ਨ ਮਹਾਜਨ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਮਨਸੂਬਿਆਂ ਵਿਚ ਹਮੇਸ਼ਾ ਫੇਲ੍ਹ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਦੇਸ਼ ਦੇ ਲੋਕਾਂ ਨੂੰ ਕੋਈ ਲਾਭ ਨਹੀਂ ਹੋਇਆ ਪਰ ਲੋਕਾਂ ਨੂੰ ਨੁਕਸਾਨ ਜ਼ਰੂਰ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਗਨੀਪਥ ਸਕੀਮ ਲਿਆ ਕੇ ਨੌਜਵਾਨਾਂ ਦਾ ਭਵਿੱਖ ਨੂੰ ਹਨ੍ਹੇਰੇ ਵੱਲ ਧੱਕਲੇਣ ਦਾ ਕੰਮ ਕੀਤਾ ਹੈ, ਜਿਸ ਉਮਰ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਣਾ ਚਾਹੀਦਾ ਹੈ, ਇਸ ਯੋਜਨਾ ਤਹਿਤ ਨੌਜਵਾਨਾਂ ਨੂੰ ਉਸ ਉਮਰ ਵਿਚ ਘਰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣਾ ਚਾਹੀਦਾ ਹੈ।
ਜ਼ਿਲ੍ਹਾ ਪ੍ਰਧਾਨ ਦਰਸ਼ਨ ਮਹਾਜਨ ਨੇ ਕਿਹਾ ਕਿ ਕੇਂਦਰ ਸਰਕਾਰ ਅਗਨੀਪਥ ਸਕੀਮ ਨੂੰ ਤੁਰੰਤ ਰੱਦ ਕਰੇ ਅਤੇ ਪਿਛਲੇ ਸਮੇਂ ਤੋਂ ਅਧੂਰੀਆਂ ਪਈਆਂ ਅਸਾਮੀਆਂ ਨੂੰ ਭਰੇ। ਫੌਜ ਵਿਚ ਭਰਤੀ ਦੀ ਅਗਨੀਪਥ ਯੋਜਨਾ ਦੇਸ਼ ਦੇ ਨੌਜਵਾਨਾਂ ਦੇ ਹਿੱਤ ਵਿਚ ਹੈ। ਚਾਰ ਸਾਲ ਦੀ ਸੇਵਾ ਵਿਚ ਇਨ੍ਹਾਂ ਸੈਨਿਕਾਂ ਨੂੰ ਉਮਰ ਭਰ ਦੀ ਪੈਨਸ਼ਨ ਤੋਂ ਵਾਂਝੇ ਰਹਿਣਾ ਪਵੇਗਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਕੋਈ ਫੈਸਲਾ ਲਿਆ ਜਾਵੇ।