ਤੀਸਤਾ ਸੀਤਲਾਵਾੜ ਦੀ ਗ੍ਰਿਫਤਾਰੀ ਖਿਲਾਫ ਅਵਾਜ਼ ਬੁਲੰਦ ਕਰਨ ਦਾ ਸੱਦਾ
ਅਸ਼ੋਕ ਵਰਮਾ
ਬਠਿੰਡਾ, 27 ਜੂਨ,2022 : ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਦੀ ਗਿ੍ਰਫਤਾਰੀ ਵਿਰੁੱਧ ਲੋਕਾਂ ਨੂੰ ਆਵਾਜ ਬੁਲੰਦ ਕਰਨ ਦਾ ਸੱਦਾ ਦਿੱਤਾ ਹੈ। ਸਭਾ ਨੇ ਅਪੀਲ ਕੀਤੀ ਹੈ ਕਿ ਜਮਹੂਰੀ ਹੱਕਾਂ ਦੇ ਪਹਿਰੇਦਾਰ ਹਰ ਸੰਭਵ ਢੰਗ ਨਾਲ ਆਪਣੀ ਆਵਾਜ ਉਠਾਉਂਦਿਆਂ ਤੀਸਤਾ ਸੀਤਲਵਾੜ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਨ। ਗੁਜਰਾਤ ਦੇ ਅਤਿਵਾਦ ਵਿਰੋਧੀ ਦਸਤੇ ਨੇ ਮਨੁੱਖੀ ਹੱਕਾਂ ਦੀ ਸਿਰਕੱਢ ਕਾਰਕੁਨ ਤੀਸਤਾ ਸੀਤਲਵਾੜ ਦੇ ਮੁੰਬਈ ਸਥਿਤ ਘਰ ਵਿੱਚ ਛਾਪਾ ਮਾਰ ਕੇ ਉਸ ਨੂੰ ਹਿਰਾਸਤ ਵਿੱਚ ਲੈਣ ਤੋਂ ਇਲਾਵਾ ਗੁਜਰਾਤ ਦੇ ਇੱਕ ਸੇਵਾਮੁਕਤ ਡੀਜੀਪੀ ਆਰ.ਬੀ. ਸ੍ਰੀਕੁਮਾਰ ਨੂੰ ਵੀ ਇਸੇ ਕੇਸ ਵਿੱਚ ਗਿ੍ਰਫ਼ਤਾਰ ਕੀਤਾ ਹੈ।
ਸਭਾ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਜਗਮੋਹਣ ਸਿੰਘ ਅਤੇ ਜਰਨਲ ਸਕੱਤਰ ਪ੍ਰਿਤਪਾਲ ਸਿੰਘ ਨੇ ਪ੍ਰੈਸ ਬਿਆਨ ਰਾਹੀਂ ਕਿਹਾ ਹੈ ਕਿ ਸਾਬਕਾ ਆਈਪੀਐੱਸ ਅਧਿਕਾਰੀ ਸੰਜੀਵ ਭੱਟ ਪਹਿਲਾਂ ਹੀ ਜੇਲ੍ਹ ਵਿੱਚ ਡੱਕੇ ਹੋਏ ਹਨ ਤੇ ਹੁਣ ਆਰ.ਬੀ ਸ੍ਰੀਕੁਮਾਰ ਨੂੰ ਝੂਠੇ ਕੇਸ ਵਿਚ ਫਸਾਇਆ ਜਾ ਰਿਹਾ ਹੈ, ਜਿਸ ਨੇ ਨਰਿੰਦਰ ਮੋਦੀ ਉੱਪਰ ਡਿਊਟੀ ਨਿਭਾਉਣ ਤੋਂ ਰੋਕਣ ਦਾ ਦੋਸ਼ ਲਾਇਆ ਸੀ। ਉਨ੍ਹਾਂ ਕਿਹਾ ਕਿ ਸਾਬਕਾ ਕਾਂਗਰਸੀ ਸੰਸਦ ਮੈਂਬਰ ਅਹਿਸਾਨ ਜਾਫਰੀ ਦੀ ਪਤਨੀ ਜ਼ਕੀਆ ਜਾਫਰੀ ਨੇ ਸੁਪਰੀਮ ਕੋਰਟ ਵਿੱਚ ਪਟੀਸਨ ਦਾਇਰ ਕਰ ਕੇ ਮੋਦੀ ਨੂੰ ਦਿੱਤੀ ਕਲੀਨ ਚਿੱਟ ਨੂੰ ਚੁਣੌਤੀ ਦਿੱਤੀ ਸੀ ਅਤੇ ਤੀਸਤਾ ਅਤੇ ਉਸ ਦੀ ਕਾਨੂੰਨੀ ਟੀਮ ਜ਼ਕੀਆ ਜਾਫਰੀ ਨਾਲ ਡਟ ਕੇ ਖੜ੍ਹੀ ਸੀ।
ਉਨ੍ਹਾਂ ਕਿਹਾ ਕਿ ਤੀਸਤਾ ਸੀਤਲਵਾੜ ਅਤੇ ਉਸ ਦੀ ਟੀਮ 2002 ਕਤਲੇਆਮ ਦੇ ਦੋਸ਼ੀਆਂ ਨੂੰ ਕਟਹਿਰੇ ਵਿੱਚ ਖੜ੍ਹਾ ਕਰਨ ਅਤੇ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਲੜ ਰਹੀ ਸੀ। ਹਿੰਦੂਤਵੀ ਹਿੰਸਕ ਭੀੜਾਂ ਖਿਲਾਫ ਕੋਈ ਕਾਰਵਾਈ ਨਾ ਕਰਨ ਦੀਆਂ ਜ਼ੁਬਾਨੀ ਹਦਾਇਤਾਂ ਦਿੱਤੀਆਂ ਗਈਆਂ ਸਨ। ਆਗੂਆਂ ਨੇ ਕਿਹਾ ਕਿ ਹਰ ਇਨਸਾਫ਼ ਪਸੰਦ ਵਿਅਕਤੀ ਨੂੰ ਤੀਸਤਾ ਸੀਤਲਵਾੜ ਦੀ ਗਿ੍ਰਫ਼ਤਾਰੀ ਵਿਰੁੱਧ ਜ਼ੋਰਦਾਰ ਆਵਾਜ਼ ਉਠਾਉਣੀ ਚਾਹੀਦੀ ਹੈ। ਉਨ੍ਹਾਂ ਸਮੂਹ ਲੋਕ ਪੱਖੀ ਅਤੇ ਨਿਆਂਪਸੰਦ ਤਾਕਤਾਂ, ਵਿਅਕਤੀਆਂ ਨੂੰ ਮਜ਼ਲੂਮਾਂ ਦੀ ਢਾਲ ਬਣਨ ਲਈ ਇਸ ਫਿਰਕੂ ਫਾਸ਼ੀ ਹੱਲੇ ਵਿਰੁੱਧ ਜੋਰਦਾਰ ਆਵਾਜ ਬੁਲੰਦ ਕਰਨ ਦੀ ਅਪੀਲ ਕੀਤੀ ਹੈ।
ਦੱਸਣਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਇੰਟਰਵਿਊ ਵਿੱਚ ਦੋਸ਼ ਲਾਇਆ ਸੀ ਕਿ ਤੀਸਤਾ ਨੇ ਗੁਜਰਾਤ ਵਿੱਚ 2002 ’ਚ ਮੁਸਲਮਾਨਾਂ ਦੇ ਕਤਲੇਆਮ ਬਾਰੇ ਪੁਲੀਸ ਨੂੰ ਬੇਬੁਨਿਆਦ ਜਾਣਕਾਰੀ ਦੇ ਕੇ ਗੁੰਮਰਾਹ ਕੀਤਾ ਸੀ। ਇਹ ਇਸ਼ਾਰਾ ਸੀ ਕਿ ਹੁਣ ਉਨ੍ਹਾਂ ਕਾਰਕੁਨਾਂ ਨੂੰ ਮੁਕੱਦਮਿਆਂ ਵਿੱਚ ਫਸਾ ਕੇ ਜੇਲ੍ਹਾਂ ’ਚ ਡੱਕਿਆ ਜਾਵੇਗਾ, ਜੋ ਗੁਜਰਾਤ ਵਿੱਚ 2002 ਵਿੱਚ ਘੱਟ-ਗਿਣਤੀ ਮੁਸਲਮਾਨਾਂ ਦੀ ਹੋਈ ਨਸਲਕੁਸ਼ੀ ਦੇ ਪੀੜਤਾਂ ਦੀ ਮਦਦ ਕਰ ਰਹੇ ਸਨ।