ਕੋਵਿਡ ਐਕਸ-ਗ੍ਰੇਸ਼ੀਆ ਦੀ ਵੰਡ ’ਚ ਤੇਜ਼ੀ ਲਿਆਉਣ ਲਈ ਆਸ਼ਾ ਵਰਕਰਾਂ ਵੱਲੋਂ ਜਲਦ ਕੀਤੀ ਜਾਵੇਗੀ ਪੀੜਤ ਪਰਿਵਾਰਾਂ ਦੇ ਘਰਾਂ ਤੱਕ ਪਹੁੰਚ
ਜਲੰਧਰ, 28 ਜੂਨ 2022 : ਜਲੰਧਰ ਵਿੱਚ ਕੋਵਿਡ-19 ਕਾਰਨ ਆਪਣੇ ਅਜ਼ੀਜ਼ਾਂ ਨੂੰ ਗੁਆ ਦੇਣ ਵਾਲੇ ਪਰਿਵਾਰਾਂ ਨੂੰ 50 ਹਜ਼ਾਰ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੀ ਵੰਡ ਵਿੱਚ ਤੇਜ਼ੀ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਸ਼ਾ ਵਰਕਰਾਂ ਨੂੰ ਅਜਿਹੇ ਪਰਿਵਾਰਾਂ ਨਾਲ ਸੰਪਰਕ ਕਰਨ ਲਈ ਤਾਇਨਾਤ ਕੀਤਾ ਗਿਆ, ਜਿਨ੍ਹਾਂ ਵੱਲੋਂ ਐਕਸ-ਗ੍ਰੇਸ਼ੀਆ ਲਈ ਅਪਲਾਈ ਨਹੀਂ ਕੀਤਾ ਗਿਆ।
ਮਾਲ ਵਿਭਾਗ ਦੇ ਸਕੱਤਰ ਮਨਵੇਸ਼ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਵੀਡੀਓ ਕਾਨਫਰੰਸ ਵਿੱਚ ਭਾਗ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ ਨਾਲ 1578 ਮੌਤਾਂ ਦਰਜ ਕੀਤੀਆਂ ਗਈਆਂ ਹਨ ਅਤੇ ਸਰਕਾਰ ਵੱਲੋਂ ਦਿੱਤੀ ਜਾ ਰਹੀ 50,000 ਦੀ ਐਕਸ-ਗ੍ਰੇਸ਼ੀਆ ਲਈ 1261 ਅਰਜ਼ੀਆਂ ਪ੍ਰਾਪਤ ਹੋਈਆਂ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ 1224 ਕੇਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਕੋਵਿਡ ਪੀੜਤਾਂ ਦੇ ਕਾਨੂੰਨੀ ਵਾਰਸਾਂ ਨੂੰ 6.12 ਕਰੋੜ ਰੁਪਏ ਦੀ ਰਾਸ਼ੀ ਵੀ ਵੰਡੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 37 ਕੇਸ ਅਜੇ ਪ੍ਰਕਿਰਿਆ ਅਧੀਨ ਹਨ, ਜਿਨ੍ਹਾਂ ਦਾ ਸਮੁੱਚੀਆਂ ਓਪਚਾਰਿਕਤਾਵਾਂ ਮੁਕੰਮਲ ਹੋਣ ਉਪਰੰਤ ਜਲਦ ਨਿਪਟਾਰਾ ਕਰ ਦਿੱਤਾ ਜਾਵੇਗਾ।
ਅਮਿਤ ਸਰੀਨ ਨੇ ਦੱਸਿਆ ਕਿ ਆਸ਼ਾ ਵਰਕਰਾਂ ਨੂੰ ਉਨ੍ਹਾਂ ਪਰਿਵਾਰਾਂ ਨੂੰ ਵਿਅਕਤੀਗਤ ਤੌਰ 'ਤੇ ਮਿਲਣ ਅਤੇ ਸੰਪਰਕ ਕਰਨ ਲਈ ਕਿਹਾ ਗਿਆ ਹੈ, ਜਿਨ੍ਹਾਂ ਵੱਲੋਂ ਅਜੇ ਤੱਕ ਐਕਸ-ਗ੍ਰੇਸ਼ੀਆ ਲਈ ਕੋਈ ਅਰਜ਼ੀ ਨਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ ਪਰਿਵਾਰਾਂ ਦੀਆਂ ਸੂਚੀਆਂ ਆਸ਼ਾ ਵਰਕਰਾਂ ਨੂੰ ਪਹਿਲਾਂ ਹੀ ਸੌਂਪੀਆਂ ਜਾ ਚੁੱਕੀਆਂ ਹਨ ਅਤੇ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 50000 ਰੁਪਏ ਦਾ ਐਕਸ-ਗ੍ਰੇਸ਼ੀਆ ਪ੍ਰਾਪਤ ਕਰਨ ਲਈ ਮ੍ਰਿਤਕ ਦੇ ਵਾਰਸਾਂ ਨੂੰ ਮੌਤ ਦਾ ਸਰਟੀਫਿਕੇਟ, ਕਾਨੂੰਨੀ ਵਾਰਸ ਹੋਣ ਸਬੰਧੀ ਸਰਟੀਫਿਕੇਟ, ਆਰ.ਟੀ.ਪੀ.ਸੀ.ਆਰ. ਕੋਵਿਡ ਪੋਜ਼ੀਟਿਵ ਰਿਪੋਰਟ ਸਮੇਤ ਹੋਰ ਲੋੜੀਂਦੇ ਦਸਤਾਵੇਜ਼ਾਂ ਦੇ ਨਾਲ ਦਰਖਾਸਤ ਜਮ੍ਹਾ ਕਰਵਾਉਣੀ ਹੋਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗ ਪਰਿਵਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 106 ਵਿੱਚੋਂ ਬਿਨੈ ਫਾਰਮ ਪ੍ਰਾਪਤ ਕਰ ਸਕਦੇ ਹਨ ਅਤੇ ਇਸ ਨੂੰ ਜਲੰਧਰ ਜ਼ਿਲ੍ਹੇ ਦੀ ਅਧਿਕਾਰਤ ਵੈੱਬਸਾਈਟ (Jalandhar.nic.in) ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ।
ਅਮਿਤ ਸਰੀਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਾਰੇ ਕੋਵਿਡ-19 ਪ੍ਰਭਾਵਿਤ ਪਰਿਵਾਰਾਂ ਨੂੰ 50000 ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਯੋਗ ਲਾਭਪਾਤਰੀ ਕੋਵਿਡ ਕਲੇਮ ਸਬੰਧੀ ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਹੈਲਪਲਾਈਨ ਨੰਬਰ 0181-2224417 'ਤੇ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਜਸ਼ਨਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਵਰਿੰਦਰ ਕੌਰ ਥਿੰਦ ਆਦਿ ਮੌਜੂਦ ਸਨ।