ਪੰਜਾਬ ਸਰਕਾਰ ਬੇਕਸੂਰ ਸਿੱਖ ਨੌਜਵਾਨਾਂ ਨੂੰ ਗ੍ਰਿਫਤਾਰ ਕਰਨਾ ਬੰਦ ਕਰੇ: ਹਰਜਿੰਦਰ ਸਿੰਘ ਧਾਮੀ
ਸਿੱਖ ਨੌਜਵਾਨਾਂ ਵਿੱਚ ਚੇਤਨਾ ਦੇ ਅਭਿਆਸ ਨੂੰ ਅਪਰਾਧ ਵਜੋਂ ਪੇਸ਼ ਕਰਨਾ ਸਰਕਾਰ ਦੀ ਵੱਡੀ ਭੁੱਲ ਹੈ
ਅੰਮ੍ਰਿਤਸਰ, 20 ਮਾਰਚ 2023 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਸਖ਼ਤ ਨਿਖੇਧੀ ਕੀਤੀ ਹੈ।
ਹਰਜਿੰਦਰ ਸਿੰਘ ਧਾਮੀ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ ਵਿੱਚ ਜਾਣਬੁੱਝ ਕੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣਾ ਠੀਕ ਨਹੀਂ ਹੈ।
ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਦੋਸ਼ ਦੇ ਮਨਘੜਤ ਕਹਾਣੀਆਂ ਬਣਾ ਕੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨਾ ਸੂਬੇ ਦੇ ਹਿੱਤ ਵਿੱਚ ਨਹੀਂ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਨੇ ਕਈ ਯੁੱਗ ਵੇਖੇ ਹਨ ਅਤੇ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸੂਬੇ ਦੀ ਮੌਜੂਦਾ ਸਰਕਾਰ ਨੇ ਸਥਿਤੀ ਵਿੱਚ ਇੱਕ ਹੋਰ ਅਧਿਆਏ ਜੋੜ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਪੱਸ਼ਟ ਕਿਹਾ ਕਿ ਪੰਜਾਬ ਦੇ ਸਿੱਖ ਨੌਜਵਾਨਾਂ ਨੇ ਸੂਬੇ ਦੀ ਹੀ ਨਹੀਂ, ਸਗੋਂ ਦੇਸ਼ ਅਤੇ ਦੁਨੀਆਂ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਪਾਇਆ ਹੈ। ਪਰ ਦੁੱਖ ਦੀ ਗੱਲ ਹੈ ਕਿ ਸਿੱਖ ਨੌਜਵਾਨਾਂ ਨੂੰ ਵਾਰ-ਵਾਰ ਸ਼ੱਕ ਦੀ ਨਜ਼ਰ ਨਾਲ ਦੇਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਵੀ ਅਜਿਹੀ ਹੀ ਗਲਤੀ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਾ ਕੋਈ ਦੋਸ਼ ਸਾਹਮਣੇ ਆਉਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।
“ਸਰਕਾਰ ਨੂੰ ਕਿਸੇ ਵੀ ਵਰਤਾਰੇ ਦੀ ਆੜ ਵਿੱਚ ਸੂਬੇ ਵਿੱਚ ਦਹਿਸ਼ਤ ਦਾ ਮਾਹੌਲ ਨਹੀਂ ਪੈਦਾ ਕਰਨਾ ਚਾਹੀਦਾ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਨੌਜਵਾਨਾਂ ਵਿੱਚ ਚੇਤਨਾ ਦੇ ਅਭਿਆਸ ਨੂੰ ਅਪਰਾਧ ਵਜੋਂ ਪੇਸ਼ ਕਰਨਾ ਸਰਕਾਰ ਦੀ ਵੱਡੀ ਭੁੱਲ ਹੋਵੇਗੀ।
ਪੰਜਾਬ ਸਰਕਾਰ ਨੂੰ ਅਜਿਹੀਆਂ ਕਾਰਵਾਈਆਂ ਰੋਕਣ ਦੀ ਸਲਾਹ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੇਕਰ ਸਰਕਾਰ ਸੁਹਿਰਦ ਅਤੇ ਸੰਜੀਦਾ ਹੈ ਤਾਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ। ਉਨ੍ਹਾਂ ਇਹ ਵੀ ਕਿਹਾ ਕਿ ਸਿਰਫ਼ ਸਿਆਸੀ ਲਾਹੇ ਲਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਜਾਇਜ਼ ਨਹੀਂ ਹੈ।