ਕੋਟਕਪੂਰਾ ਫਾਇਰਿੰਗ ਕੇਸ: ਸੁਖਬੀਰ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਕੋਟਕਪੂਰਾ ਗੋਲੀ ਕਾਂਡ 'ਚ ਮਿਲੀ ਅੰਤਰਿਮ ਜ਼ਮਾਨਤ
- ਹਾਈਕੋਰਟ ਨੇ 30 ਮਈ ਤੱਕ ਦਿੱਤੀ ਰਾਹਤ; ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ
- ਸਾਬਕਾ ਡੀਜੀਪੀ ਸੁਮੇਧ ਸੈਣੀ, ਉਮਰਾਨੰਗਲ ਤੇ ਚਰਨਜੀਤ ਸ਼ਰਮਾ ਦੀ ਜ਼ਮਾਨਤ ਪਟੀਸ਼ਨ ਖ਼ਾਰਿਜ
- ਹਾਈਕੋਰਟ ਨੇ ਪਟੀਸ਼ਨਰ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪੰਜਾਬ ਸਰਕਾਰ 'ਤੇ ਸਵਾਲੀਆ ਨਿਸ਼ਾਨ ਲਾਉਂਦਿਆਂ ਕਿਹਾ ਕਿ ਜਦੋਂ ਇਸ ਮਾਮਲੇ 'ਚ ਚਲਾਨ ਪੇਸ਼ ਹੋ ਚੁੱਕਾ ਹੈ ਤਾਂ ਸੁਖਬੀਰ ਬਾਦਲ ਨੂੰ ਗ੍ਰਿਫਤਾਰ ਕਰਨ ਦੀ ਲੋੜ ਕਿਉਂ ਹੈ। ਇਸ ਸਬੰਧੀ ਪੰਜਾਬ ਸਰਕਾਰ ਦੀ ਤਰਫੋਂ ਦਲੀਲਾਂ ਦਿੱਤੀਆਂ ਗਈਆਂ। ਇਸ ਤੋਂ ਬਾਅਦ ਹਾਈਕੋਰਟ ਨੇ ਸੁਖਬੀਰ ਬਾਦਲ ਨੂੰ ਰਾਹਤ ਦਿੰਦਿਆਂ ਅੰਤ੍ਰਿਮ ਜ਼ਮਾਨਤ ਦਾ ਲਾਭ ਦਿੱਤਾ ਹੈ।
- ਕੋਟਕਪੂਰਾ ਗੋਲੀ ਕਾਂਡ ਵਿੱਚ ਘਿਰੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅਦਾਲਤ ਨੇ ਝਟਕਾ ਦਿੰਦੇ ਹੋਏ ਜ਼ਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ ਹੈ। ਅਦਾਲਤ ਨੇ ਸੁਮੇਧ ਸੈਣੀ, ਪਰਮਰਾਜ ਉਮਰਾਨੰਗਲ ਤੇ ਚਰਨਜੀਤ ਸਿੰਘ ਸ਼ਰਮਾ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ।
ਦੀਪਕ ਗਰਗ
ਕੋਟਕਪੂਰਾ 21 ਮਾਰਚ 2023
2015 ਦੇ ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਅਗਲੀ ਸੁਣਵਾਈ ਵਿੱਚ ਇਸ ਮਾਮਲੇ ਵਿੱਚ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਵੀ ਦਿੱਤੇ ਹਨ।
ਪਟੀਸ਼ਨ ਦਾਇਰ ਕਰਦੇ ਹੋਏ ਸੁਖਬੀਰ ਬਾਦਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਕੋਟਕਪੂਰਾ ਗੋਲੀ ਕਾਂਡ ਦੀ ਸ਼ੁਰੂ ਤੋਂ ਹੀ ਜਾਂਚ ਦੌਰਾਨ ਉਨ੍ਹਾਂ ਦਾ ਨਾਂ ਕਿਤੇ ਨਹੀਂ ਆਇਆ। ਦੋਵਾਂ ਜਾਂਚ ਕਮਿਸ਼ਨਾਂ ਨੇ ਇਸ ਮਾਮਲੇ ਵਿੱਚ ਕਿਤੇ ਵੀ ਉਨ੍ਹਾਂ ਦੀ ਭੂਮਿਕਾ ਦਾ ਜ਼ਿਕਰ ਨਹੀਂ ਕੀਤਾ, ਪਰ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ 24 ਫਰਵਰੀ ਨੂੰ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕਰਦਿਆਂ ਪਟੀਸ਼ਨਰ ਸਮੇਤ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਇਲਾਵਾ ਪੰਜ ਹੋਰ ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਬਣਾਇਆ ਗਿਆ ਸੀ। ਇਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ 9 ਮਾਰਚ ਨੂੰ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਇਨ੍ਹਾਂ ਪਟੀਸ਼ਨਾਂ 'ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਹੇਠਲੀ ਅਦਾਲਤ ਨੇ 95 ਸਾਲਾ ਪ੍ਰਕਾਸ਼ ਸਿੰਘ ਬਾਦਲ ਨੂੰ ਬੁਢਾਪੇ ਕਾਰਨ ਜ਼ਮਾਨਤ ਦੇ ਦਿੱਤੀ ਸੀ, ਜਦਕਿ ਪਟੀਸ਼ਨਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ।
ਹਾਈਕੋਰਟ ਨੇ ਪਟੀਸ਼ਨਰ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪੰਜਾਬ ਸਰਕਾਰ 'ਤੇ ਸਵਾਲੀਆ ਨਿਸ਼ਾਨ ਲਾਉਂਦਿਆਂ ਕਿਹਾ ਕਿ ਜਦੋਂ ਇਸ ਮਾਮਲੇ 'ਚ ਚਲਾਨ ਪੇਸ਼ ਹੋ ਚੁੱਕਾ ਹੈ ਤਾਂ ਸੁਖਬੀਰ ਬਾਦਲ ਨੂੰ ਗ੍ਰਿਫਤਾਰ ਕਰਨ ਦੀ ਲੋੜ ਕਿਉਂ ਪਈ ਹੈ। ਇਸ ਸਬੰਧੀ ਪੰਜਾਬ ਸਰਕਾਰ ਦੀ ਤਰਫੋਂ ਦਲੀਲਾਂ ਦਿੱਤੀਆਂ ਗਈਆਂ। ਇਸ ਤੋਂ ਬਾਅਦ ਹਾਈਕੋਰਟ ਨੇ ਸੁਖਬੀਰ ਬਾਦਲ ਨੂੰ ਰਾਹਤ ਦਿੰਦਿਆਂ ਅੰਤ੍ਰਿਮ ਜ਼ਮਾਨਤ ਦਾ ਲਾਭ ਦਿੱਤਾ ਹੈ।
ਸੁਖਬੀਰ ਦੇ ਵਕੀਲ ਨੇ ਕਿਹਾ...
ਸੁਖਬੀਰ ਬਾਦਲ ਦੇ ਵਕੀਲ ਅਰਸ਼ਦੀਪ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਰਾਜ ਮੋਹਨ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਹਿ ਮੁਲਜ਼ਮ ਸੁਖਮਿੰਦਰ ਸਿੰਘ ਮਾਨ ਨੂੰ 30 ਮਈ ਤੱਕ ਅੰਤ੍ਰਿਮ ਅਗਾਊਂ ਜ਼ਮਾਨਤ ਦਾ ਲਾਭ ਦੇ ਦਿੱਤਾ ਹੈ।
ਗ੍ਰਿਫਤਾਰੀ ਮੁਲਤਵੀ
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਮਾਮਲੇ ਦੀ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਦੀ ਮੰਗ ਨੂੰ ਫਰੀਦਕੋਟ ਦੀ ਸਥਾਨਕ ਅਦਾਲਤ ਨੇ ਰੱਦ ਕਰ ਦਿੱਤਾ ਸੀ। ਇਸ ਫੈਸਲੇ ਦੇ ਖਿਲਾਫ ਉਨ੍ਹਾਂ ਨੇ ਹਾਈ ਕੋਰਟ ਵਿੱਚ ਅਪੀਲ ਕੀਤੀ ਸੀ। ਪੰਜਾਬ ਪੁਲਿਸ ਅੰਤਰਿਮ ਜ਼ਮਾਨਤ ਦੌਰਾਨ ਸੁਖਬੀਰ ਬਾਦਲ ਨੂੰ ਗ੍ਰਿਫਤਾਰ ਨਹੀਂ ਕਰ ਸਕਦੀ। ਦੂਜੇ ਪਾਸੇ ਸੁਖਬੀਰ ਬਾਦਲ ਨੂੰ ਪੱਕੀ ਤੌਰ 'ਤੇ ਅਗਾਊਂ ਜ਼ਮਾਨਤ ਦਾ ਲਾਭ ਮਿਲਣ 'ਤੇ ਵੱਡੀ ਰਾਹਤ ਮਿਲ ਸਕਦੀ ਹੈ।
ਇਸਦੇ ਨਾਲ ਹੀ ਇਸੇ ਮਾਮਲੇ 'ਚ ਫਰੀਦਕੋਟ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਤਿੰਨ ਪੁਲਿਸ ਅਧਿਕਾਰੀਆਂ ਨੂੰ ਝਟਕਾ ਦਿੰਦੇ ਹੋਏ ਅਗਾਊਂ ਜ਼ਮਾਨਤ ਦੀ ਅਰਜ਼ੀ ਖ਼ਾਰਿਜ ਕਰ ਦਿੱਤੀ ਹੈ। ਫਰੀਦਕੋਟ ਅਦਾਲਤ 'ਚ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ਦੀਆਂ ਜ਼ਮਾਨਤ ਪਟੀਸ਼ਨਾਂ ਵੀ ਰੱਦ ਕਰ ਦਿੱਤੀਆਂ ਹਨ। ਹਾਲਾਂਕਿ ਸੁਮੇਧ ਸੈਣੀ, ਉਮਰਾਨੰਗਲ ਤੋਂ ਇਲਾਵਾ ਇੱਕ ਹੋਰ ਐਸਐਚਓ ਗੁਰਦੀਪ ਸਿੰਘ ਨੂੰ ਗੋਲੀਬਾਰੀ ਦੇ ਮਾਮਲੇ (ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਦਰਜ) 'ਚ ਜ਼ਮਾਨਤ ਮਿਲ ਗਈ ਹੈ।
7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ
ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਐਸਆਈਟੀ ਨੇ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ 7,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਟੀਮ ਵੱਲੋਂ 24 ਫਰਵਰੀ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ।
ਕੀ ਦੋਸ਼ ਹੈ ?
ਇਸ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਦੇ ਨਾਮ ਸ਼ਾਮਲ ਹਨ।
ਇਹ ਸਾਰਾ ਮਾਮਲਾ ਹੈ
12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੋਟਕਪੂਰਾ ਅਤੇ ਬਹਿਬਲਕਲਾਂ ਵਿੱਚ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਸਨ। 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਹੋਏ ਪ੍ਰਦਰਸ਼ਨਾਂ ਨੂੰ ਪੁਲਿਸ ਨੇ ਬਲ ਵਰਤ ਕੇ ਖਤਮ ਕਰ ਦਿੱਤਾ ਸੀ।
ਬਹਿਬਲ ਕਲਾਂ ਵਿੱਚ ਪੁਲਿਸ ਗੋਲੀਬਾਰੀ ਵਿੱਚ ਦੋ ਸਿੱਖ ਵਿਅਕਤੀ ਸ਼ਹੀਦ ਹੋ ਗਏ ਸਨ। ਇਸ ਦੇ ਨਾਲ ਹੀ ਕੋਟਕਪੂਰਾ ਗੋਲੀਬਾਰੀ ਵਿੱਚ 100 ਦੇ ਕਰੀਬ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ। ਪੁਲੀਸ ਨੇ 7 ਅਗਸਤ 2018 ਨੂੰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਸੀ।