ਡਿਪਟੀ ਕਮਿਸ਼ਨਰ ਕਪੂਰਥਲਾ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 26 ਮਈ 2023 - ਨਵ-ਨਿਯੁਕਤ ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਅੱਜ ਗੁਰੂ ਦੀ ਨਗਰੀ ਸੁਲਤਾਨਪੁਰ ਲੋਧੀ ਵਿਖੇ ਬਤੌਰ ਡਿਪਟੀ ਕਮਿਸ਼ਨਰ ਕਪੂਰਥਲਾ ਅਹੁਦਾ ਸੰਭਾਲਨ ਪਿੱਛੋਂ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ।
ਉਹਨਾਂ ਸ੍ਰੀ ਦਰਬਾਰ ਸਾਹਿਬ ਵਿੱਚ ਬੈਠ ਕੇ ਕੀਰਤਨ ਸਰਵਣ ਕੀਤਾ। ਇਸ ਉਪਰੰਤ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਵੇਈਂ ਦੇ ਵੀ ਦਰਸ਼ਨ ਕੀਤੇ। ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਵੱਲੋਂ ਡਿਪਟੀ ਕਮਿਸ਼ਨਰ ਨੂੰ ਗੁਰੂ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਨਵਾਜਿਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਵਢਭਾਗਾ ਸਮਝਦੇ ਹਨ ਕਿ ਉਨ੍ਹਾਂ ਨੂੰ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਧਰਤੀ ਤੇ ਸੇਵਾ ਨਿਭਾਉਣ ਦਾ ਮੌਕਾ ਮਿਲਿਆ ਹੈ ।