ਸਬ ਡਵੀਜ਼ਨ ਅਹਿਮਦਗੜ੍ਹ ਦੇ ਪਿੰਡ ਸੰਦੌੜ ਵਿਖੇ 19 ਸਤੰਬਰ ਨੂੰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸੁਣਨਗੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ
ਉੱਚ ਅਧਿਕਾਰੀ ਕਰਨਗੇ ਸ਼ਿਕਾਇਤਾਂ ਦਾ ਮੌਕੇ ਉੱਪਰ ਨਿਪਟਾਰਾ-ਵਧੀਕ ਡਿਪਟੀ ਕਮਿਸ਼ਨਰ
ਮੁਹੰਮਦ ਇਸਮਾਈਲ ਏਸ਼ੀਆ
ਮਲੇਰਕੋਟਲਾ 18 ਸਤੰਬਰ 2023: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਢੁਕਵੇਂ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉੱਚ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਦੇ ਪਿੰਡਾਂ /ਸ਼ਹਿਰਾਂ ਵਿੱਚ ਲਗਾਤਾਰ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਕੋਲ ਜਾ ਕੇ ਹੱਲ ਕਰਨ ਦੇ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਨੇ ਕਰਦਿਆਂ ਦੱਸਿਆ ਕਿ ਉਕਤ ਦੀ ਲੜੀ ਵਿੱਚ ਹੁਣ 19 ਸਤੰਬਰ 2023 ਦਿਨ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਡਾ ਪੱਲਵੀ ਖ਼ੁਦ ਪੁਲਿਸ ਪ੍ਰਸਾਸ਼ਨ ਨਾਲਅਹਿਮਦਗੜ੍ਹ ਸਬ ਡਵੀਜ਼ਨ ਦੇ ਪਿੰਡ ਸੰਦੌੜ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸਵੇਰੇ 11.00 ਵਜੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਪਿੰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲੈਣਗੇ ਅਤੇ ਪਿੰਡ ਨਿਵਾਸੀਆਂ ਨਾਲ ਨਸ਼ਿਆਂ ਅਤੇ ਖੇਤਾਂ ਵਿੱਚ ਪਰਾਲੀ ਦੇ ਨਾੜ ਨੂੰ ਅੱਗ ਲਾਉਣ ਆਦਿ ਸਬੰਧੀ ਪਿੰਡ ਵਾਸੀਆਂ ਨਾਲ ਵਿਚਾਰ ਸਾਂਝੇ ਕਰਨਗੇ ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਦੇ ਹਰੇਕ ਬਲਾਕ ਦੇ ਪਿੰਡਾਂ ਵਿੱਚ ਅਜਿਹੇ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ। ਇਨ੍ਹਾਂ ਜਨਤਕ ਸੁਣਵਾਈ ਕੈਂਪਾਂ ਨਾਲ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਅਧਿਕਾਰੀ ਜ਼ਮੀਨੀ ਪੱਧਰ ਤੋਂ ਸੁਣ ਕੇ ਮੌਕੇ ਉੱਪਰ ਹੀ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਪਿੰਡਾਂ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਿਰਕਤ ਕਰਕੇ ਆਪਣੀਆਂ ਸਮੱਸਿਆਵਾਂ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚਾਉਣ ਤਾਂ ਕਿ ਇਨ੍ਹਾਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਅਤੇ ਢੁਕਵਾਂ ਨਿਪਟਾਰਾ ਕੀਤਾ ਜਾ ਸਕੇ।