India-Canada ਵਿਵਾਦ ਦੀ ਗੂੰਜ ਅਮਰੀਕਾ ਪਹੁੰਚੀ, ਵਿਦੇਸ਼ ਮੰਤਰਾਲੇ ਨੇ ਦਿੱਤਾ ਇਹ ਬਿਆਨ
ਨਵੀਂ ਦਿੱਲੀ, 20 ਸਤੰਬਰ 2023- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਤੇ ਖਾਲਿਸਤਾਨੀ ਨੇਤਾ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਦੋਸ਼ ਲਗਾਇਆ ਹੈ। ਇਸ ਤੋਂ ਬਾਅਦ ਕਾਫੀ ਵਿਵਾਦ ਖੜ੍ਹਾ ਹੋ ਗਿਆ ਹੈ। ਭਾਰਤ ਨੇ ਕੈਨੇਡੀਅਨ ਡਿਪਲੋਮੈਟ ਨੂੰ 5 ਦਿਨਾਂ ਦੇ ਅੰਦਰ ਦੇਸ਼ ਛੱਡਣ ਦਾ ਹੁਕਮ ਦਿੱਤਾ ਹੈ। ਇਸ ਵਿਵਾਦ ਦੀ ਗੂੰਜ ਅਮਰੀਕਾ ਤੱਕ ਪਹੁੰਚ ਗਈ। ਅਮਰੀਕੀ ਵਿਦੇਸ਼ ਵਿਭਾਗ ਨੇ ਭਾਰਤ 'ਤੇ ਲੱਗੇ ਦੋਸ਼ਾਂ 'ਤੇ ਚਿੰਤਾ ਪ੍ਰਗਟਾਈ ਹੈ।
ਯੂਐਸ ਸਟੇਟ ਡਿਪਾਰਟਮੈਂਟ ਦੇ ਬੁਲਾਰੇ ਨੇ ਏਐਨਆਈ ਨੂੰ ਦੱਸਿਆ, “ਅਸੀਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੁਆਰਾ ਭਾਰਤ ਉੱਤੇ ਲਗਾਏ ਗਏ ਦੋਸ਼ਾਂ ਨੂੰ ਲੈ ਕੇ ਡੂੰਘੀ ਚਿੰਤਾ ਵਿੱਚ ਹਾਂ। ਅਸੀਂ ਆਪਣੇ ਕੈਨੇਡੀਅਨ ਸਹਿਕਰਮੀਆਂ ਨਾਲ ਨਿਯਮਤ ਸੰਪਰਕ ਵਿੱਚ ਹਾਂ। ਹਾਲਾਂਕਿ, ਇਹ ਮਹੱਤਵਪੂਰਨ ਹੈ ਕਿ ਕੈਨੇਡੀਅਨ ਜਾਂਚ ਅੱਗੇ ਵਧੇ। ਨਾਲ ਹੀ, ਅਪਰਾਧੀਆਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਂਦਾ ਜਾਣਾ ਚਾਹੀਦਾ ਹੈ।"
ਦੱਸ ਦਈਏ ਕਿ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ 'ਤੇ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨਾਲ ਜੁੜੇ ਹੋਣ ਦਾ ਦੋਸ਼ ਲਾਏ ਜਾਣ ਤੋਂ ਕਰੀਬ 12 ਘੰਟਿਆਂ ਵਿਚ ਕੈਨੇਡਾ ਨੇ ਮੰਗਲਵਾਰ ਨੂੰ ਨਰਮ ਰੁਖ ਅਪਣਾਇਆ। ਉਨ੍ਹਾਂ ਕਿਹਾ ਕਿ ਓਟਾਵਾ ਚਾਹੁੰਦਾ ਹੈ ਕਿ ਨਵੀਂ ਦਿੱਲੀ ਇਸ ਮੁੱਦੇ ਨੂੰ ਸਹੀ ਢੰਗ ਨਾਲ ਹੱਲ ਕਰੇ। ਟਰੂਡੋ ਨੇ ਆਪਣੀ ਸੁਰ ਨਰਮ ਕਰਦਿਆਂ ਕਿਹਾ- ਕੈਨੇਡਾ ਕਿਸੇ ਵੀ ਤਰ੍ਹਾਂ ਭਾਰਤ ਨੂੰ ਭੜਕਾਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹੈ।