ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ
ਚੰਡੀਗੜ੍ਹ, 28 ਨਵੰਬਰ 2023 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਨਾਮਵਰ ਖੇਡ ਸ਼ਖਸੀਅਤ ਤੋਂ ਇਲਾਵਾ ਸਿਆਸੀ ਹਸਤੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ, ਜੋ ਸਦਨ ਦੇ ਪਿਛਲੇ ਸੈਸ਼ਨ ਤੋਂ ਬਾਅਦ ਫੌਤ ਹੋ ਗਏ।
16ਵੀਂ ਪੰਜਾਬ ਵਿਧਾਨ ਸਭਾ ਦੇ ਪੰਜਵੇਂ ਇਜਲਾਸ ਦੌਰਾਨ ਸਦਨ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਦਾਤੇਵਾਸ, ਨਾਮਵਰ ਕ੍ਰਿਕਟਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ ਅਤੇ ਬੇਗਮ ਮੁਨਵਰ ਉਨ-ਨਿਸ਼ਾ ਨੂੰ ਸਤਿਕਾਰ ਭੇਟ ਕੀਤਾ ਗਿਆ।
ਇਸੇ ਤਰ੍ਹਾਂ ਸਦਨ ਨੇ ਸਾਬਕਾ ਮੰਤਰੀ ਰਘੂਨਾਥ ਸਹਾਏ ਪੁਰੀ ਦੀ ਪਤਨੀ ਕਾਮਨੀ ਪੁਰੀ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਮਾਤਾ ਬਲਬੀਰ ਕੌਰ, ਵਿਧਾਇਕ ਅਮੋਲਕ ਸਿੰਘ ਦੇ ਮਾਤਾ ਕਰਤਾਰ ਕੌਰ ਅਤੇ ਵਿਧਾਇਕ ਡਾ. ਰਵਜੋਤ ਸਿੰਘ ਦੇ ਮਾਤਾ ਸੁਰਿੰਦਰ ਕੌਰ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਅਮਰ ਸਿੰਘ ਸੁਖੀਜਾ ਤੇ ਜਵਾਹਰ ਲਾਲ, ਸਮਾਜ ਸੇਵੀ ਬਲਵੰਤ ਸਿੰਘ ਖੇੜਾ, ਹਰਸਿਮਰਨ ਸਿੰਘ ਫੌਜੀ ਅਤੇ ਹੋਮਗਾਰਡ ਜਵਾਨ ਜਸਪਾਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਸਦਨ ਨੇ ਸਤਿਕਾਰ ਵਜੋਂ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ।