ਦਿੱਲੀ ਕੂਚ ਤੋਂ ਪਹਿਲਾਂ ਕਿਸਾਨ ਆਗੂ ਸ੍ਰੀ ਅਕਾਲ ਤਖਤ ਸਾਹਿਬ 'ਤੇ ਹੋਏ ਨਤਮਸਤਕ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਤੇ ਪੰਜਾਬ ਦੀਆਂ ਵੱਖ-ਵੱਖ 18 ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਅੰਦੋਲਨ ਦੀ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਅੱਜ ਕਿਸਾਨ ਪੰਜਾਬ ਦੇ ਬਾਰਡਰਾਂ 'ਤੇ ਪਹੁੰਚਣਗੇ ਜਿਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਤੇ 18 ਕਿਸਾਨ ਜਥੇਬੰਦੀਆਂ ਦੇ ਕਿਸਾਨ ਆਗੂਆਂ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਸ੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚ ਕੇ ਅੰਦੋਲਨ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂਆਂ ਨੇ ਕਿਹਾ ਕਿ ਉਹਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਕੀਤਾ ਜਾਣਾ ਹੈ ਅਤੇ ਅੱਜ ਉਹ ਆਪਣੇ ਪਿੰਡਾਂ ਤੋਂ ਕਾਫਲੇ ਲੈ ਕੇ ਪੰਜਾਬ ਦੇ ਬਾਰਡਰਾਂ 'ਤੇ ਪਹੁੰਚਣਗੇ। ਉਹਨਾਂ ਕਿਹਾ ਕਿ ਹਾਲਾਂਕਿ ਕੇਂਦਰ ਸਰਕਾਰ ਵੱਲੋਂ ਅੱਜ ਚੰਡੀਗੜ੍ਹ ਵਿਖੇ ਸਾਡੇ ਕਿਸਾਨ ਆਗੂਆਂ ਨਾਲ ਮੀਟਿੰਗ ਵੀ ਕੀਤੀ ਜਾਣੀ ਹੈ ਅਗਰ ਉਸ ਮੀਟਿੰਗ ਦਾ ਕੋਈ ਸਿੱਟਾ ਨਿਕਲ ਕੇ ਸਾਹਮਣੇ ਨਹੀਂ ਆਇਆ ਤਾਂ ਫਿਰ ਕਿਸਾਨ ਕੱਲ ਨੂੰ ਦਿੱਲੀ ਨੂੰ ਕੂਚ ਕਰਨਗੇ।