ਵਪਾਰੀਆਂ/ਉਦਯੋਗਪਤੀਆਂ ਨੇ ‘ਸਰਕਾਰ-ਵਪਾਰ ਮਿਲਣੀ’ ਰਾਹੀਂ ਸਰਕਾਰ ਨੂੰ ਉਨ੍ਹਾਂ ਦੀਆਂ ਬਰੂਹਾਂ ’ਤੇ ਲਿਆਉਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
- ਖੇਤਰ ਦੇ ਆਰਥਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਇਸ ਉਪਰਾਲੇ ਦੀ ਕੀਤੀ ਸ਼ਲਾਘਾ
ਅੰਮ੍ਰਿਤਸਰ, 3 ਮਾਰਚ 2024 - ਪਵਿੱਤਰ ਨਗਰੀ ਅੰਮ੍ਰਿਤਸਰ ਦੇ ਵਪਾਰੀਆਂ ਨੇ ਅੱਜ ‘ਸਰਕਾਰ-ਵਪਾਰ ਮਿਲਣੀ’ ਨੂੰ ਹਾਂ ਪੱਖੀ ਹੁੰਗਾਰਾ ਮਿਲਣ ’ਤੇ ਇਸ ਨੇਕ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪਿਆਰੇ ਲਾਲ ਨੇ ਆਪਣੇ ਸੰਬੋਧਨ ਵਿੱਚ ਇਸ ‘ਸਰਕਾਰ-ਵਪਾਰ ਮਿਲਣੀ’ ਦੇ ਪ੍ਰਬੰਧ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਸੂਬੇ ਨੂੰ ਅਜਿਹਾ ਮੁੱਖ ਮੰਤਰੀ ਮਿਲਿਆ ਹੈ, ਜੋ ਆਮ ਆਦਮੀ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਹੋਵੇਗੀ ਅਤੇ ਰੰਗਲਾ ਪੰਜਾਬ ਸਿਰਜਿਆ ਜਾਵੇਗਾ।
ਇਸੇ ਤਰ੍ਹਾਂ ਪੈੱਨ ਐਂਡ ਸਟੇਸ਼ਨਰੀ ਐਸੋਸੀਏਸ਼ਨ ਦੇ ਸਮੀਰ ਜੈਨ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਮੌਕਾ ਹੈ ਕਿਉਂਕਿ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਉਨ੍ਹਾਂ ਦੀਆਂ ਬਰੂਹਾਂ ਤੇ ਆਣ ਖਲੋਤੀ ਹੈ। ਉਨ੍ਹਾਂ ਵਪਾਰੀਆਂ ਦੀਆਂ ਪ੍ਰਮੁੱਖ ਮੰਗਾਂ ਨੂੰ ਪ੍ਰਵਾਨ ਕਰ ਕੇ ਵਪਾਰ ਨੂੰ ਹੋਰ ਹੁਲਾਰਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਮੁੱਖ ਮੰਤਰੀ ਨੂੰ ਵਪਾਰੀਆਂ ਵੱਲੋਂ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿੱਤਾ।
ਕੈਮਿਸਟ ਐਸੋਸੀਏਸ਼ਨ ਤੋਂ ਸੁਰਿੰਦਰ ਦੁੱਗਲ ਨੇ ਕਿਹਾ ਕਿ ਸਾਰੇ ਵਪਾਰੀ ਤਹਿ ਦਿਲੋਂ ਮੁੱਖ ਮੰਤਰੀ ਦੇ ਧੰਨਵਾਦੀ ਹਨ ਕਿ ਸੂਬਾ ਸਰਕਾਰ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਲਈ ਉਨ੍ਹਾਂ ਦੇ ਸਨਮੁੱਖ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਦੌਰਾਨ ਅਜਿਹਾ ਦ੍ਰਿਸ਼ ਨਹੀਂ ਦੇਖਿਆ, ਜਦੋਂ ਕਿਸੇ ਸਰਕਾਰ ਨੇ ਵਪਾਰੀਆਂ ਦੇ ਬੂਹੇ ’ਤੇ ਆ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਹੋਵੇ। ਉਨ੍ਹਾਂ ਨੇ ਮੁੱਖ ਮੰਤਰੀ ਦੀ ਆਮ ਆਦਮੀ ਕਲੀਨਿਕ, ‘ਆਪ ਦੀ ਸਰਕਾਰ, ਆਪ ਦੇ ਦੁਆਰ’ ਅਤੇ ਅਜਿਹੀਆਂ ਹੋਰ ਪਹਿਲਕਦਮੀਆਂ ਕਰਨ ਲਈ ਵੀ ਸ਼ਲਾਘਾ ਕੀਤੀ।
ਫੋਕਲ ਪੁਆਇੰਟ ਐਸੋਸੀਏਸ਼ਨ ਤੋਂ ਸੰਦੀਪ ਖੋਸਲਾ ਨੇ ਅੰਮ੍ਰਿਤਸਰ ਦੇ ਫੋਕਲ ਪੁਆਇੰਟ ਦੇ ਕਾਇਆ-ਕਲਪ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਸ਼ਾਸਨਕਾਲ ਦੌਰਾਨ ਸੂਬੇ ਵਿੱਚ ਨਿਜ਼ਾਮ ਤਬਦੀਲੀ ਦੀ ਪ੍ਰਕਿਰਿਆ ਪਹਿਲਾਂ ਹੀ ਦੇਖਣ ਨੂੰ ਮਿਲ ਰਹੀ ਹੈ।
ਇਸ ਦੌਰਾਨ ਪਲਾਈਵੁੱਡ ਐਸੋਸੀਏਸ਼ਨ ਦੇ ਗੁਰਪ੍ਰੀਤ ਸਿੰਘ ਕਟਾਰੀਆ ਨੇ ਸੂਬੇ ਦੀ ਭਲਾਈ ਅਤੇ ਤਰੱਕੀ ਲਈ ਸੂਬਾ ਸਰਕਾਰ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਵਪਾਰੀਆਂ ਦੀ ਭਲਾਈ ਲਈ ਕੀਤੇ ਗਏ ਉਪਰਾਲਿਆਂ ਲਈ ਵਪਾਰੀ ਸਦਾ ਉਨ੍ਹਾਂ ਦੇ ਰਿਣੀ ਰਹਿਣਗੇ।
ਇਸੇ ਤਰ੍ਹਾਂ ਕ੍ਰਿਸ਼ਨ ਕੁਮਾਰ ਸ਼ਰਮਾ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਮੁੱਖ ਮੰਤਰੀ ਨੇ ਸੂਬਾ ਸਰਕਾਰ ਨੂੰ ਵਪਾਰੀਆਂ ਦੇ ਹਿੱਤਾਂ ਖਾਤਰ ਉਨ੍ਹਾਂ ਦੇ ਬੂਹੇ ’ਤੇ ਲਿਆਂਦਾ ਹੈ। ਉਨ੍ਹਾਂ ਨੇ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਕਈ ਪ੍ਰਮੱਖ ਪੇਸ਼ਕਦਮੀਆਂ ਕਰਨ ਲਈ ਵੀ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।