ਪੰਜਾਬ ਹੋਮ ਗਾਰਡ ਦਾ ਵਲੰਟੀਅਰ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ
ਚੰਡੀਗੜ੍ਹ, 15 ਮਈ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਪੈਸ਼ਲ ਬ੍ਰਾਂਚ ਪਟਿਆਲਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡਜ਼ (ਪੀ.ਐਚ.ਜੀ.) ਦੇ ਵਲੰਟੀਅਰ ਬਲਵਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਹੋਮ ਗਾਰਡ ਨੂੰ ਰਾਜਪੁਰਾ ਸ਼ਹਿਰ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਰਾਜੀਵ ਚੌਧਰੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਨੇ ਇੱਕ ਡੀਲਰ ਤੋਂ ਰੇਨੋ ਕਵਿਡ ਕਾਰ ਖਰੀਦੀ ਹੈ ਪਰ ਉਹ ਕਾਰ ਦੇ ਦਸਤਾਵੇਜ਼ ਜਿਵੇਂ ਕਿ ਆਰ.ਸੀ., ਬੀਮਾ ਆਦਿ ਨਹੀਂ ਦੇ ਰਿਹਾ ਜਿਸ ਕਾਰਨ ਉਸਨੇ ਨੇ ਡੀਲਰ ਵਿਰੁੱਧ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਜੋ ਕਿ ਕਾਰਵਾਈ ਲਈ ਹੌਲਦਾਰ ਜਗਰੂਪ ਸਿੰਘ ਅਤੇ ਪੀ.ਐਚ.ਜੀ. ਬਲਵਿੰਦਰ ਸਿੰਘ ਨੂੰ ਮਾਰਕ ਕੀਤੀ ਹੋਈ ਹੈ ਪਰ ਉਹ ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਨ ਦੇ ਬਦਲੇ 10,000 ਰੁਪਏ ਦੀ ਰਿਸ਼ਵਤ ਦੇਣ ਲਈ ਕਹਿ ਰਹੇ ਸਨ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਉਪਰੋਕਤ ਦੋਸ਼ੀ ਪੀਐਚਜੀ ਬਲਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।