ਆਪ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਹਾਈ ਕੋਰਟ ਦੇ ਫ਼ੈਸਲੇ ਦੀ ਕੀਤੀ ਸ਼ਲਾਘਾ, ਕਿਸਾਨਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ
- ਸ਼ੰਭੂ ਬਾਰਡਰ 'ਤੇ ਹਾਈ ਕੋਰਟ ਦਾ ਫ਼ੈਸਲਾ ਕਿਸਾਨਾਂ ਦੀ ਜਿੱਤ-ਆਪ
- ਹਾਈ ਕੋਰਟ ਦੇ ਫ਼ੈਸਲੇ 'ਤੇ 'ਆਪ ਨੇ ਕਿਹਾ, ਕਿਸਾਨਾਂ ਦੀਆਂ ਮੰਗਾਂ ਜਾਇਜ਼, ਕੇਂਦਰ ਸਰਕਾਰ ਨੂੰ ਕਾਨੂੰਨ ਬਣਾਉਣਾ ਚਾਹੀਦਾ ਹੈ
ਚੰਡੀਗੜ੍ਹ, 10 ਜੁਲਾਈ 2024 - ਆਮ ਆਦਮੀ ਪਾਰਟੀ ਨੇ ਪੰਜਾਬ-ਹਰਿਆਣਾ ਸਰਹੱਦ 'ਸ਼ੰਭੂ ਬਾਰਡਰ' (ਜਿੱਥੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਹੜਤਾਲ 'ਤੇ ਬੈਠੇ ਹਨ) ਨੂੰ ਖੋਲ੍ਹਣ ਦੇ ਹਾਈ ਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਪਾਰਟੀ ਨੇ ਕਿਹਾ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ, ਇਸ ਲਈ ਕੇਂਦਰ ਸਰਕਾਰ ਉਨ੍ਹਾਂ ਨੂੰ ਸਰਹੱਦ 'ਤੇ ਰੋਕਣ ਦੀ ਬਜਾਏ ਉਨ੍ਹਾਂ ਦੀ ਮੰਗਾਂ ਨੂੰ ਪੂਰੀਆਂ ਕਰਨ 'ਤੇ ਵਿਚਾਰ ਕਰਨਾ ਚਾਹੀਦਾ ਹੈ।
ਬੁੱਧਵਾਰ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਨੇਤਾ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ 2013 'ਚ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਨਰਿੰਦਰ ਮੋਦੀ ਨੇ ਖ਼ੁਦ ਕਿਹਾ ਸੀ ਕਿ ਅਸੀਂ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਾਂਗੇ ਅਤੇ ਸਵਾਮੀਨਾਥਨ ਕਮਿਸ਼ਨ ਦੀ ਸਿਫ਼ਾਰਿਸ਼ਾਂ ਮੁਤਾਬਿਕ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਬਣਾਵਾਂਗੇ, ਪਰੰਤੂ ਪ੍ਰਧਾਨ ਮੰਤਰੀ ਮੋਦੀ ਆਪਣੇ ਵਾਅਦੇ ਤੋਂ ਪਿੱਛੇ ਹਟ ਗਏ, ਜਿਸ ਕਾਰਨ ਕਿਸਾਨਾਂ ਨੂੰ ਦਿੱਲੀ ਜਾਣ ਲਈ ਮਜਬੂਰ ਹੋਣਾ ਪਿਆ।
ਗਰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨੇ ਕਿਸਾਨਾਂ ਨਾਲ ਕੀਤਾ ਆਪਣਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ, ਉਲਟਾ ਉਨ੍ਹਾਂ 'ਤੇ ਕਾਲੇ ਖੇਤੀ ਕਾਨੂੰਨ ਲਾਗੂ ਕਰਕੇ ਉਨ੍ਹਾਂ ਦੀਆਂ ਜ਼ਮੀਨਾਂ ਅਤੇ ਫ਼ਸਲਾਂ ਆਪਣੇ ਕਾਰਪੋਰੇਟ ਦੋਸਤਾਂ ਨੂੰ ਸੌਂਪਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਗਈ।
ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਤੋਂ ਡਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਜਦੋਂ ਕਾਲੇ ਖੇਤੀ ਕਾਨੂੰਨ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ, ਉਸ ਸਮੇਂ ਵੀ ਉਨ੍ਹਾਂ ਕਿਹਾ ਸੀ ਕਿ ਘੱਟੋ-ਘੱਟ ਸਮਰਥਨ ਮੁੱਲ 'ਤੇ ਕਮੇਟੀ ਬਣਾ ਕੇ ਇਸ ਨੂੰ ਕਾਨੂੰਨੀ ਬਣਾਉਣ ਲਈ ਕੰਮ ਕੀਤਾ ਜਾਵੇਗਾ, ਪਰ ਅੱਜ ਤੱਕ ਉਨ੍ਹਾਂ ਨੇ ਇਸ ਨੂੰ ਪੂਰਾ ਨਹੀਂ ਕੀਤਾ ਹੈ। ਜੇਕਰ ਮੋਦੀ ਸਰਕਾਰ ਨੇ ਦੋ ਸਾਲਾਂ ਵਿੱਚ ਐਮਐਸਪੀ ਨੂੰ ਕਾਨੂੰਨੀ ਤੌਰ ’ਤੇ ਲਾਗੂ ਕਰ ਦਿੱਤਾ ਹੁੰਦਾ ਤਾਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਮੁੜ ਦਿੱਲੀ ਨਾ ਜਾਣਾ ਪੈਂਦਾ।
ਉਨ੍ਹਾਂ ਕਿਹਾ ਕਿ ਸ਼ੁਕਰ ਹੈ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਦਖ਼ਲ ਦਿੱਤਾ ਨਹੀਂ ਤਾਂ ਹਾਈਵੇਅ ਅਣਮਿਥੇ ਸਮੇਂ ਲਈ ਬੰਦ ਹੋ ਜਾਣਾ ਸੀ। ਹੁਣ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਆਮ ਲੋਕਾਂ ਅਤੇ ਕਿਸਾਨਾਂ ਦੋਵਾਂ ਨੂੰ ਰਾਹਤ ਮਿਲੇਗੀ। ਆਮ ਲੋਕਾਂ ਲਈ ਆਵਾਜਾਈ ਆਸਾਨ ਹੋਵੇਗੀ। ਇਸ ਦੇ ਨਾਲ ਹੀ ਕਿਸਾਨਾਂ ਨੂੰ ਮੁੜ ਸ਼ਾਂਤਮਈ ਢੰਗ ਨਾਲ ਕੇਂਦਰ ਸਰਕਾਰ ਤੱਕ ਆਪਣੀ ਗੱਲ ਪਹੁੰਚਾਉਣ ਦਾ ਮੌਕਾ ਮਿਲੇਗਾ।