ਗੁਰਦਾਸਪੁਰ: ਦੋ ਧੜਿਆਂ 'ਚ ਚੱਲੀਆਂ ਤਾਬੜਤੋੜ ਗੋਲੀਆਂ- AAP ਦੇ ਬਲਾਕ ਪ੍ਰਧਾਨ ਸਮੇਤ ਕਈ ਜ਼ਖਮੀ
ਦੋਵਾਂ ਧੜਿਆਂ ਦੇ ਜ਼ਖ਼ਮੀਆਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ- ਐਸ.ਐਚ.ਓ ਮੇਜਰ ਸਿੰਘ
ਰੋਹਿਤ ਗੁਪਤਾ
ਗੁਰਦਾਸਪੁਰ, 31 ਜੁਲਾਈ 2024- ਗੁਰਦਾਸਪੁਰ ਦੇ ਪਿੰਡ ਡੇਅਰੀਵਾਲ ਕਿਰਨ ਵਿੱਚ ਬੀਤੀ ਸ਼ਾਮ ਇੱਕ ਹੀ ਪਿੰਡ ਦੇ ਨੌਜਵਾਨਾਂ ਦੇ ਦੋ ਧੜੇ ਆਪਸ ਵਿੱਚ ਭਿੜ ਗਏ ਅਤੇ ਇੱਕ ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ। ਉੱਥੇ ਹੀ ਨੌਜਵਾਨਾਂ ਨੂੰ ਸਮਝਾਉਣ ਲਈ ਆਏ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਦੀ ਕਾਰ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਇੱਕ ਗੁੱਟ ਤੇ ਨੌਜਵਾਨਾਂ ਵੱਲੋਂ ਹਮਲਾ ਕਰ ਦਿੱਤਾ ਅਤੇ ਕਾਰ ਦੀ ਭੰਨਤੋੜ ਕੀਤੀ ਗਈ। ਇਸ ਘਟਨਾ 'ਚ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸਣੇ ਦੋਵੇਂ ਧੜਿਆਂ ਦੇ ਚਾਰ ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ 'ਚ ਦਾਖਲ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਜਤਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਕੁਝ ਨੌਜਵਾਨਾਂ 'ਚ ਕਿਸੇ ਗੱਲ ਨੂੰ ਲੈ ਕੇ ਲੜਾਈ-ਝਗੜਾ ਹੋਣ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਉਹ ਝਗੜਾ ਸੁਲਝਾਉਣ ਲਈ ਪਿੰਡ ਗਿਆ ਤਾਂ ਉਥੇ ਮੌਜੂਦ ਦੂਜੇ ਗੁੱਟ ਦੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੀ ਕਾਰ 'ਤੇ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਅਤੇ ਕਾਰ ਦੀ ਭੰਨਤੋੜ ਵੀ ਕੀਤੀ। ਫਿਰ ਉਸ ਦੇ ਦੋਸਤਾਂ ਨੇ ਮੌਕੇ 'ਤੇ ਪਹੁੰਚ ਕੇ ਉਸ ਦੀ ਜਾਨ ਬਚਾਈ ਅਤੇ ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਆਂ ਵੀ ਚਲਾਈਆਂ ਗਈਆਂ। ਉਸ ਨੇ ਦੱਸਿਆ ਕਿ ਦੂਜੇ ਧੜੇ ਦੇ ਨੌਜਵਾਨਾਂ ਕੋਲ ਨਜਾਇਜ਼ ਹਥਿਆਰ ਸਨ ਜਦੋਂਕਿ ਉਸ ਨੇ ਆਪਣੀ ਜਾਨ ਬਚਾਉਣ ਲਈ ਹਵਾ ਵਿੱਚ ਗੋਲੀ ਚਲਾ ਦਿੱਤੀ ਸੀ ਅਤੇ ਦੱਸਿਆ ਕਿ ਇਸ ਘਟਨਾ ਵਿੱਚ ਉਸ ਦਾ ਚਾਚਾ ਲਖਵਿੰਦਰ ਸਿੰਘ ਵੀ ਜ਼ਖ਼ਮੀ ਹੋ ਗਿਆ। ਉਨ੍ਹਾਂ ਪੁਲੀਸ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਸ਼ਰਾਰਤੀ ਗੁੰਡਾ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਦੂਜੇ ਧੜੇ ਦੇ ਨੌਜਵਾਨ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੀ ਇਸੇ ਪਿੰਡ ਦੇ ਕੁਝ ਨੌਜਵਾਨਾਂ ਨਾਲ ਲੜਾਈ ਹੋ ਗਈ ਸੀ ਕਿਉਂਕਿ ਉਹ ਸੋਸ਼ਲ ਮੀਡੀਆ 'ਤੇ ਸਰਕਾਰ ਅਤੇ ਨਸ਼ਿਆਂ ਵਿਰੁੱਧ ਵੀਡੀਓਜ਼ ਪੋਸਟ ਕਰਦਾ ਰਹਿੰਦਾ ਹੈ, ਜਿਸ ਕਾਰਨ ਪਿੰਡ ਦੇ ਆਮ ਆਦਮੀ ਪਾਰਟੀ ਦੇ ਨੌਜਵਾਨ ਨੇ ਪਹਿਲਾਂ ਉਸ ਨੂੰ ਵੀਡੀਓ ਡਿਲੀਟ ਕਰਨ ਲਈ ਕਿਹਾ ਅਤੇ ਬਾਅਦ ਵਿੱਚ ਧਮਕੀ ਦਿੱਤੀ ਜਿਸ ਕਾਰਨ ਇਹ ਲੜਾਈ ਹੋਈ ਅਤੇ ਉਸ ਦੇ ਸਾਥੀਆਂ 'ਤੇ ਸਿੱਧੀ ਗੋਲੀਬਾਰੀ ਕੀਤੀ ਗਈ।ਲੜਾਈ ਦੌਰਾਨ ਉਸ ਦੇ ਤਾਇਆ ਦੇ ਦੋ ਲੜਕੇ ਮੰਗਲ ਸਿੰਘ ਅਤੇ ਬਹਾਦਰ ਸਿੰਘ ਜਖਮੀ ਹੋਏ ਹਨ।ਜਿਨ੍ਹਾਂ ਨੂੰ ਇਲਾਜ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਇਸ ਘਟਨਾ ਸਬੰਧੀ ਥਾਣਾ ਕਲਾਨੌਰ ਦੇ ਐਸ.ਐਚ.ਓ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਘਟਨਾ ਵਾਲੀ ਥਾਂ 'ਤੇ ਜਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਵਾਂ ਧੜਿਆਂ ਦੇ ਚਾਰੋਂ ਜਖਮੀ ਵਿਅਕਤੀਆਂ ਦਾ ਇਲਾਜ ਗੁਰਦਾਸਪੁਰ ਸਿਵਲ ਹਸਪਤਾਲ ਵਿੱਚ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਅਧਾਰ ਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਪਹਿਲਾਂ ਗੋਲੀ ਕਿਸ ਨੇ ਚਲਾਈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ 4 ਤੋਂ 5 ਰਾਊਂਡ ਫਾਇਰ ਕੀਤੇ ਗਏ। ਦੋਵਾਂ ਧੜਿਆਂ ਦੇ ਜ਼ਖ਼ਮੀਆਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।