ਸਾਬਕਾ ਮੰਤਰੀ ਭਾਰਤ ਭੂਸ਼ਣ ਈਡੀ ਵੱਲੋਂ ਗ੍ਰਿਫਤਾਰ: 2 ਹਜ਼ਾਰ ਕਰੋੜ ਦੇ ਘਪਲੇ ਦਾ ਮਾਮਲਾ
- ਜਲੰਧਰ 'ਚ ਸਵੇਰ ਤੋਂ ਈਡੀ ਕਰ ਰਹੀ ਸੀ ਪੁੱਛਗਿੱਛ
ਜਲੰਧਰ, 1 ਅਗਸਤ 2024 - ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਦੀ ਟੀਮ ਨੇ ਜਲੰਧਰ ਦਫ਼ਤਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਭਾਰਤ ਭੂਸ਼ਣ ਆਸ਼ੂ ਵੀਰਵਾਰ ਸਵੇਰੇ ਈਡੀ ਦਫ਼ਤਰ ਪਹੁੰਚੇ। ਜਿੱਥੇ ਸ਼ਾਮ ਤੱਕ ਲਗਾਤਾਰ ਪੁੱਛਗਿੱਛ ਜਾਰੀ ਸੀ। ਈਡੀ ਦੇ ਸੂਤਰਾਂ ਮੁਤਾਬਕ ਪੁੱਛਗਿੱਛ ਤੋਂ ਬਾਅਦ ਈਡੀ ਨੇ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ ਤਾਂ ਉਨ੍ਹਾਂ 'ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ 'ਚ ਘਪਲੇ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਹਨ। ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈਡੀ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਹਨ। ਇਸ ਦੌਰਾਨ ਕਰੀਬ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ।
ਇਹ ਮਾਮਲਾ ਸਭ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਚੁੱਕਿਆ ਸੀ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਈਡੀ ਨੇ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ ਅਤੇ ਆਪਣੇ ਪੱਧਰ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਜਾਣਕਾਰੀ ਮੁਤਾਬਕ ਈਡੀ ਨੇ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਪੇਸ਼ ਹੋਣ ਲਈ ਕਿਹਾ ਸੀ।