Breaking: ਦਾਸ ਸਾਰੀਆਂ ਭੁੱਲਾਂ ਨੂੰ ਆਪਣੀ ਝੋਲੀ ਵਿਚ ਪਾਉਂਦਾ ਹੈ, ਚਾਹੇ ਇਹ ਭੁੱਲਾਂ ਪਾਰਟੀ ਕੋਲੋਂ ਹੋਈਆਂ ਹਨ ਜਾਂ ਸਰਕਾਰ ਕੋਲੋਂ-ਸੁਖਬੀਰ ਬਾਦਲ ਨੇ ਲਿਖਿਆ
ਸੁਖਬੀਰ ਬਾਦਲ ਨੇ ਪਾਰਟੀ ਤੇ ਅਕਾਲੀ ਸਰਕਾਰ ਕੋਲੋਂ ਹੋਈਆਂ ਸਾਰੀਆਂ ਭੁੱਲਾਂ ਦੀ ਜ਼ਿੰਮੇਵਾਰੀ ਆਪਣੇ ਸਿਰ ਲਈ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 5 ਅਗਸਤ, 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪੇ ਗਏ ਪੱਤਰ ਨੂੰ ਜਨਤਕ ਕੀਤੇ ਜਾਣ ਤੋਂ ਬਾਅਦ ਇਹ ਗੱਲ ਸਪਸ਼ਟ ਹੋ ਗਈ ਹੈ ਕਿ ਸੁਖਬੀਰ ਬਾਦਲ ਨੇ 2007 ਤੋਂ ਲੈ ਕੇ ਅਕਤੂਬਰ 2015 ਤੱਕ ਬੇਅਦਬੀਆਂ ਤੇ ਹੋਰ ਮਾਮਲਿਆਂ ਵਿਚ ਪਾਰਟੀ ਅਤੇ ਅਕਾਲੀ ਸਰਕਾਰ ਕੋਲੋਂ ਹੋਈਆਂ ਭੁੱਲਾਂ ਦੀ ਜ਼ਿੰਮੇਵਾਰੀ ਆਪਣੇ ਸਿਰ ਲੈ ਲਈ ਹੈ।
ਬੇਅਦਬੀਆਂ ਦਾ ਨਾਂ ਲਏ ਬਗੈਰ ਉਹਨਾਂ ਆਪਣੇ ਪੱਤਰ ਵਿਚ ਲਿਖਿਆ ਹੈ ਕਿ ’’ਜੋ ਵੀ ਸਾਡੇ ਖਿਲਾਫ ਲਿਖ ਕੇ ਦਿੱਤਾ ਗਿਆ ਹੈ, ਦਾਸ ਉਸ ਵੇਲੇ ਗੁਰੂ ਦੇ ਮਹਾਨ ਤਖਤ ’ਤੇ ਹਾਜ਼ਰ ਹੋ ਕੇ ਗੁਰੂ ਸਾਹਿਬ ਅਤੇ ਗੁਰੂ ਗ੍ਰੰਥ ਪਾਸੋਂ ਬਿਨਾਂ ਸ਼ਰਤ ਖਿਚਾ ਜਾਚਨਾ ਕਰਦਾ ਹੈ। ਪਰਿਵਾਰ ਦਾ ਮੁਖੀ ਹੋਣ ਦੇ ਨਾਅਤੇ ਦਾਸ ਸਾਰੀਆਂ ਭੁੱਲਾਂ ਨੂੰ ਆਪਣੀ ਝੋਲੀ ਵਿਚ ਪਾਉਂਦਾ ਹੈ। ਚਾਹੇ ਇਹ ਭੁੱਲਾਂ ਪਾਰਟੀ ਕੋਲੋਂ ਹੋਈਆਂ ਹਨ ਜਾਂ ਸਰਕਾਰ ਕੋਲੋਂ ਦਾਸ ਚੇਤ ਅਚੇਤ ਹੋਈਆਂ ਇਹਨਾਂ ਸਾਰੀਆਂ ਭੁੱਲਾਂ ਚੁੱਕਾਂ ਲਈ ਖਿਮਾ ਦਾ ਜਾਚਕ ਹੈ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਗੁਰਮਤਿ ਪਰੰਪਰਾਵਾਂ ਅਨੁਸਾਰ ਜਾਰੀ ਕੀਤੇ ਹਰ ਹੁਕਮ ਨੂੰ ਦਾਸ ਅਤੇ ਮੇਰੇ ਸਾਥੀ ਖਿੜੇ ਮੱਥੇ ਪ੍ਰਵਾਨ ਕਰਨਗੇ। ਮੇਰੀ ਅਰਦਾਸ ਹੈ ਕਿ ਅਕਾਲ ਪੁਰਖ ਪੰਥ ਅਤੇ ਪੰਜਾਬ ਨੂੰ ਹਮੇਸ਼ਾ ਚੜ੍ਹਦੀਕਲਾ ਵਿਚ ਰੱਖੇ।’’