ਸੰਭਾਵੀ ਹੜ੍ਹ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਡੈਮ, ਦਰਿਆ, ਨਹਿਰਾਂ, ਖੱਡਾਂ ਅਤੇ ਨੀਚਲੇ ਇਲਾਕਿਆਂ ਤੋਂ ਦੂਰ ਰਹਿਣ ਲੋਕ
ਹੁਸ਼ਿਆਰਪੁਰ, 11 ਅਗਸਤ 2024 : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਨਿਵਾਸੀਆਂ ਨਾਲ ਅਪੀਲ ਕੀਤੀ ਹੈ ਕਿ ਉਹ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਰਕੇ ਪੈਦਾ ਹੋਈ ਸੰਭਾਵੀ ਹੜ੍ਹ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਡੈਮ, ਦਰਿਆ, ਨਹਿਰਾਂ, ਖੱਡਾਂ ਅਤੇ ਨੀਚਲੇ ਇਲਾਕਿਆਂ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਪਾਣੀ ਦੇ ਵੱਧਦੇ ਪੱਧਰ ਕਾਰਨ ਖ਼ਤਰੇ ਦੀ ਸੰਭਾਵਨਾ ਬਣੀ ਹੋਈ ਹੈ, ਇਸ ਲਈ ਨਾਗਰਿਕਾਂ ਦੀ ਸੁਰੱਖਿਆ ਲਈ ਇਹ ਲਾਜ਼ਮੀ ਹੈ ਕਿ ਉਹ ਇਨ੍ਹਾਂ ਸਥਾਨਾਂ ਤੋਂ ਦੂਰ ਰਹਿਣ ਅਤੇ ਸਾਵਧਾਨੀ ਵਰਤਣ।
ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਭਾਰੀ ਬਾਰਸ਼ ਦੇ ਕਾਰਨ ਜ਼ਿਲ੍ਹੇ ਤੋਂ ਲੰਘਣ ਵਾਲੇ ਦਰਿਆ, ਚੋਅ ਅਤੇ ਖੱਡਾਂ ਵਿੱਚ ਕਾਫੀ ਪਾਣੀ ਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਬਹੁਤ ਹੀ ਜ਼ਰੂਰੀ ਹੋਣ 'ਤੇ ਹੀ ਹਿਮਾਚਲ ਪ੍ਰਦੇਸ਼ ਜਾਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੜ੍ਹ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰ 'ਤੇ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜੋ ਕਿ 7 ਦਿਨ, 24 ਘੰਟੇ ਕਾਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਕੰਟਰੋਲ ਰੂਮ ਰਾਹੀਂ ਹੜ੍ਹ ਸਬੰਧੀ ਸਾਰੀਆਂ ਸੂਚਨਾਵਾਂ ਦਾ ਤੁਰੰਤ ਅਦਾਨ-ਪ੍ਰਦਾਨ ਕੀਤਾ ਜਾਵੇਗਾ ਅਤੇ ਲੋੜਵੰਦ ਲੋਕਾਂ ਤਕ ਫੌਰੀ ਰਾਹਤ ਪਹੁੰਚਾਈ ਜਾਵੇਗੀ। ਜ਼ਿਲ੍ਹਾ ਪੱਧਰ 'ਤੇ ਬਣਾਏ ਗਏ ਇਸ ਕੰਟਰੋਲ ਰੂਮ ਦਾ ਟੈਲੀਫ਼ੋਨ ਨੰਬਰ 01882-220412 ਹੈ।
ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਅਤੇ ਸਥਿਤੀ ਦਾ ਜਾਇਜ਼ਾ ਲੈਣ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੀ ਆਫਤ ਦੀ ਸਥਿਤੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਤਤਕਾਲ ਮਦਦ ਲਈ ਤਤਪਰ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਪ੍ਰਭਾਵਿਤ ਹੋ ਰਹੇ ਇਲਾਕਿਆਂ 'ਤੇ ਖ਼ਾਸ ਨਜ਼ਰ ਰੱਖੀ ਜਾ ਰਹੀ ਹੈ ਅਤੇ ਉਥੇ ਰਾਹਤ ਪਹੁੰਚਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਕੋਮਲ ਮਿੱਤਲ ਨੇ ਕਿਹਾ ਕਿ ਬਾਰਸ਼ ਦੇ ਪਾਣੀ ਕਰਕੇ ਪ੍ਰਭਾਵਿਤ ਲੋਕਾਂ ਤਕ ਰਾਹਤ ਸਮਗਰੀ, ਸਿਹਤ ਸੇਵਾਵਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਪਹੁੰਚਾਉਣ ਲਈ ਪ੍ਰਸ਼ਾਸਨ ਪੂਰੀ ਗੰਭੀਰਤਾ ਅਤੇ ਤਤਪਰਤਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨਾਲ ਵੀ ਅਪੀਲ ਕੀਤੀ ਹੈ ਕਿ ਉਹ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਹੜਤਾਲੀ ਸਥਿਤੀ ਵਿੱਚ ਜ਼ਿਲ੍ਹਾ ਕੰਟਰੋਲ ਰੂਮ ਨਾਲ ਸੰਪਰਕ ਕਰੋ।