450 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸੈਮੀਨਾਰ
- ਸ਼ਤਾਬਦੀ ਦਿਹਾੜੇ ਸਿੱਖ ਧਰਮ ਇਤਿਹਾਸ ਨੂੰ ਸਮਝਣ ਤੇ ਖੋਜਣ ਦਾ ਸੁਨਹਿਰੀ ਮੌਕਾ- ਭਾਈ ਮਹਿਤਾ
ਖਡੂਰ ਸਾਹਿਬ/ਅੰਮ੍ਰਿਤਸਰ, 5 ਸਤੰਬਰ 2024 - ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਅੱਜ ਧਰਮ ਪ੍ਰਚਾਰ ਕਮੇਟੀ ਵੱਲੋਂ ‘ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਤੇ ਬਾਣੀ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸ੍ਰੀ ਗੁਰੂ ਅੰਗਦ ਦੇਵ ਖ਼ਾਲਸਾ ਕਾਲਜ ਖਡੂਰ ਸਾਹਿਬ ਵਿਖੇ ਕਰਵਾਏ ਗਏ ਇਸ ਸੈਮੀਨਾਰ ਦੌਰਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ, ਪਦਮ ਸ੍ਰੀ ਬਾਬਾ ਸੇਵਾ ਸਿੰਘ ਕਾਰਸੇਵਾ ਖਡੂਰ ਸਾਹਿਬ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਗਿਆਨੀ ਮਹਿਤਾਬ ਸਿੰਘ ਨੇ ਸੰਬੋਧਨ ਕੀਤਾ। ਇਸ ਮੌਕੇ ਪ੍ਰਸਿੱਧ ਸਿੱਖ ਵਿਦਵਾਨ ਡਾ. ਅਮਰਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਡਾ. ਇੰਦਰਜੀਤ ਸਿੰਘ ਗੋਗੋਆਣੀ ਪ੍ਰਿੰਸੀਪਲ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਨੇ ‘ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਤੇ ਬਾਣੀ’ ਵਿਸ਼ੇ ’ਤੇ ਆਪਣੇ ਖੋਜ ਭਰਪੂਰ ਪਰਚੇ ਪੇਸ਼ ਕੀਤੇ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਸੈਮੀਨਾਰ ਦੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਇਹ ਦੋਵੇਂ ਅਹਿਮ ਸ਼ਤਾਬਦੀ ਦਿਹਾੜੇ ਗੁਰੂ ਸਾਹਿਬਾਨ ਦੇ ਜੀਵਨ ਤੇ ਉਪਦੇਸ਼ਾਂ ਨੂੰ ਸਮਝਣ ਤੇ ਖੋਜਣ ਲਈ ਸੁਨਹਿਰੀ ਮੌਕਾ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਨੇ ਜਾਤ ਪਾਤ ਤੇ ਊਚ ਨੀਚ ਦੇ ਵਿਤਕਰੇ ਨੂੰ ਖ਼ਤਮ ਕੀਤਾ ਅਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਸਮਾਜ ਦੀ ਤਰੱਕੀ ਲਈ ਵੱਡੀ ਪ੍ਰੇਰਣਾ ਵਜੋਂ ਹੈ। ਉਨ੍ਹਾਂ ਕਿਹਾ ਕਿ ਜਿਥੇ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮ ਆਯੋਜਤ ਕੀਤੇ ਜਾ ਰਹੇ ਹਨ, ਉਥੇ ਹੀ ਗੁਰੂ ਸਾਹਿਬਾਨ ਦੇ ਜੀਵਨ ਤੇ ਫਲਸਫੇ ਸਬੰਧੀ ਖੋਜ ਕਾਰਜ ਅੱਗੇ ਵਧਾਉਣ ਲਈ ਵਿਸ਼ੇਸ਼ ਸੈਮੀਨਾਰਾਂ ਦਾ ਪ੍ਰਬੰਧ ਕੀਤਾ ਗਿਆ। ਇਹ ਦੂਸਰਾ ਸੈਮੀਨਾਰ ਹੈ, ਜਿਸ ਦੀ ਪ੍ਰਬੰਧਨ ਵਾਸਤੇ ਬਾਬਾ ਸੇਵਾ ਸਿੰਘ ਜੀ ਪਦਮਸ੍ਰੀ ਦਾ ਉਚੇਚਾ ਯੋਗਦਾਨ ਹੈ।
ਇਸ ਤੋਂ ਪਹਿਲਾਂ ਬਾਬਾ ਸੇਵਾ ਸਿੰਘ ਨੇ ਸੈਮੀਨਾਰ ਵਿਚ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਜੀ-ਆਇਆਂ ਕਿਹਾ ਅਤੇ ਸ਼ਤਾਬਦੀ ਸਮਾਗਮਾਂ ਸਮੇਂ ਦੇ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ।
ਸੈਮੀਨਾਰ ਦੇ ਬੁਲਾਰੇ ਡਾ. ਅਮਰਜੀਤ ਸਿੰਘ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਤੇ ਵਿਚਾਰਧਾਰਾ ਬਾਰੇ ਗੱਲ ਕਰਦਿਆਂ ਕਿਹਾ ਕਿ ਗੁਰੂ ਜੀ ਦੀ ਪਾਵਨ ਬਾਣੀ ਵਿੱਚੋਂ ਮਨੁੱਖੀ ਜੀਵਨ ਦੇ ਵਿਕਾਸ ਲਈ ਸਰਬਪੱਖੀ ਉਪਦੇਸ਼ ਪ੍ਰਾਪਤ ਹੁੰਦਾ ਹੈ। ਗੁਰੂ ਸਾਹਿਬ ਵੱਲੋਂ ਵਡੇਰੀ ਉਮਰ ਹੋਣ ਦੇ ਬਾਅਦ ਵੀ ਸਮਰਪਤ ਭਾਵਨਾ ਨਾਲ ਕੀਤੀ ਸੇਵਾ ਸੰਗਤਾਂ ਲਈ ਵੱਡੀ ਪ੍ਰੇਰਣਾ ਹੈ। ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਪਰਚਾ ਪੇਸ਼ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਨਾਲ ਸਬੰਧਤ ਦਿਹਾੜੇ ਸਾਨੂੰ ਚੇਤਨਤਾ ਦਿੰਦੇ ਹਨ ਕਿ ਅਸੀਂ ਉਸ ਵਿਰਾਸਤ ਦੇ ਵਾਰਸ ਹਾਂ, ਜੋ ਦੁਨੀਆਂ ਵਿਚ ਨਿਵੇਕਲੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਗੁਰਬਾਣੀ ਅੰਦਰ ਮਨੁੱਖ ਨੂੰ ਸੁਚੱਜੇ ਅਤੇ ਸਫਲ ਜੀਵਨ ਦੇ ਉਪਦੇਸ਼ ਨੂੰ ਦ੍ਰਿੜ੍ਹ ਕਰਵਾਇਆ ਹੈ। ਇਸ ਮੌਕੇ ਪੁੱਜੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਸਨਮਾਨਿਤ ਵੀ ਕੀਤਾ ਗਿਆ।
ਸੈਮੀਨਾਰ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਸ. ਖੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਗੁਰਬਚਨ ਸਿੰਘ ਕਰਮੂਵਾਲਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਗੁਰਮੀਤ ਸਿੰਘ ਬੂਹ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸਾਬਕਾ ਸਕੱਤਰ ਤੇ ਡਾਇਰੈਕਟਰ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ਼ ਰਿਲੀਜੀਅਸ ਸਟੱਡੀ ਪ੍ਰੋ. ਵਰਿਆਮ ਸਿੰਘ, ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਵੱਲੋਂ ਸ. ਦਿਲਜੀਤ ਸਿੰਘ ਬੇਦੀ, ਸਾਬਕਾ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਇੰਚਾਰਜ ਸ. ਜੋਗੇਸ਼ਵਰ ਸਿੰਘ, ਸ. ਸਤਵਿੰਦਰ ਸਿੰਘ ਫੂਲਪੁਰ, ਸ. ਰਾਜਵਿੰਦਰ ਸਿੰਘ ਜੋਗਾ, ਪ੍ਰੋ. ਰਾਜਪਾਲ ਸਿੰਘ, ਪ੍ਰਿੰਸੀਪਲ ਗੁਰਜੀਤ ਕੌਰ, ਸ. ਬਲਦੇਵ ਸਿੰਘ ਔਲਖ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।