ਨਰਸਿੰਗ ਵਿਦਿਆਰਥੀਆਂ ਨੂੰ ਡੇਂਗੂ ਦੇ ਲਾਰਵੇ ਦੀ ਪਛਾਣ ਬਾਰੇ ਦੱਸਿਆ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 11 ਅਕਤੂਬਰ 2024:-ਸਿਵਲ ਸਰਜਨ ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਸਿਵਲ ਸਰਜਨ ਦਫਤਰ ਤੋਂ ਨਵਾਂਸ਼ਹਿਰ ਅੰਦਰ ਨਰਸਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ ਡੇਂਗੂ ਦੀ ਬਿਮਾਰੀ 'ਤੇ ਸਮੇਂ ਸਿਰ ਕਾਬੂ ਪਾਉਣ ਤੇ ਕਮਿਊਨਿਟੀ ਦੀ ਭਾਗੀਦਾਰੀ ਨੂੰ ਹੋਰ ਵਧਾਉਣ ਲਈ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਆਯੋਜਿਤ ਕੀਤੀ। ਇਸ ਦੌਰਾਨ ਨਰਸਿੰਗ ਵਿਦਿਆਰਥੀਆਂ ਨੇ ਡੇਂਗੂ ਵਿਰੋਧੀ ਟੀਮਾਂ ਨਾਲ ਮਿਲ ਕੇ ਲੋਕਾਂ ਦੇ ਘਰਾਂ ਵਿੱਚ ਲਾਰਵਾ ਵੀ ਚੈੱਕ ਕੀਤਾ।
ਇਸ ਤੋਂ ਪਹਿਲਾਂ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਅੱਜ ਸੰਧੂ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਲਈ ਜਾਗਰੂਕਤਾ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਨਰਸਿੰਗ ਵਿਦਿਆਰਥੀਆਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਸਮਝਾਇਆ ਤੇ ਉਨ੍ਹਾਂ ਨੂੰ ਡੇੰਗੂ ਦੇ ਲਾਰਵੇ ਦੀ ਪਛਾਣ ਬਾਰੇ ਵੀ ਦੱਸਿਆ ਗਿਆ।
ਡਾ. ਰਾਕੇਸ਼ ਪਾਲ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਉਦੇਸ਼ ਵੈਕਟਰ ਬੋਰਨ ਬਿਮਾਰੀਆਂ ਡੇਂਗੂ, ਮਲੇਰੀਆ, ਚਿਕਨਗੁਨੀਆ ਆਦਿ ਨੂੰ ਕੰਟਰੋਲ ਕਰਨਾ ਹੈ। ਉਨ੍ਹਾਂ ਕਿਹਾ ਕਿ ਵੈਕਟਰ ਬੋਰਨ ਬਿਮਾਰੀਆਂ ਪ੍ਰਤੀ ਸਿਹਤ ਸਿੱਖਿਆ ਪ੍ਰਾਪਤ ਕਰਨ ਤੋਂ ਬਾਅਦ ਉਹ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਮਰੀਜ਼ਾਂ ਨੂੰ ਖ਼ਤਰੇ ਦੇ ਚਿੰਨ੍ਹਾਂ ਬਾਰੇ ਦੱਸਣ ਦੇ ਸਮਰਥ ਹੋਣਗੇ। ਉਨ੍ਹਾਂ ਸਿਹਤ ਸਿੱਖਿਆ, ਬਿਮਾਰੀ ਦੇ ਆਮ ਲੱਛਣ, ਟੈਸਟ, ਇਲਾਜ ਅਤੇ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਦੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਡੇਂਗੂ ਤੇ ਮਲੇਰੀਆ ਦੇ ਟੈਸਟ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ। ਆਪਣੇ ਘਰਾਂ ਵਿਚ ਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਆਪਣੇ-ਆਪ ਨੂੰ ਮੱਛਰਾਂ ਦੇ ਕੱਟਣ ਤੋਂ ਬਚਾਉਣ ਵਾਸਤੇ ਕੱਪੜੇ ਅਜਿਹੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਸਰੀਰ ਪੂਰੀ ਤਰ੍ਹਾਂ ਢੱਕਿਆ ਰਹੇ ਅਤੇ ਮੱਛਰ ਨਾ ਕੱਟ ਸਕੇ। ਮੱਛਰਦਾਨੀ ਅਤੇ ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਡੇਂਗੂ ਤੇ ਮਲੇਰੀਆ ਤੋਂ ਬਚਾਅ ਕੀਤਾ ਜਾ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਐਜੂਕੇਟਰ ਵਿਕਾਸ ਵਿਰਦੀ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।